ਗੁਰਦਾਸਪੁਰ, 23 ਜਨਵਰੀ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਵੱਲੋਂ ਅੱਜ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਵਿਸ਼ੇਸ਼ ਸੈਮੀਨਾਰ ਲਗਾ ਕੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਆਵਾਜਾਈ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ.ਐੱਸ.ਆਈ. ਅਮਨਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਡਰਾਈਵਿੰਗ ਲਾਇਸੰਸ ਦੀ ਅਹਿਮੀਅਤ ਦੱਸਦੇ ਹੋਏ ਕਿਹਾ ਕਿ ਕੋਈ ਵੀ ਵਾਹਨ ਚਲਾਉਣ ਤੋਂ ਪਹਿਲਾਂ ਚਾਲਕ ਕੋਲ ਵੈਲਿਡ ਲਾਇਸੰਸ ਹੋਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਇਲਾਵਾ ਵਾਹਨਾਂ ਦੇ ਹੋਰ ਕਾਗ਼ਜ਼ਾਤ ਵੀ ਹਮੇਸ਼ਾ ਪੂਰੇ ਰੱਖੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਨਾਬਾਲਗ ਬੱਚੇ ਕੋਈ ਵਾਹਨ ਚਲਾਉਂਦੇ ਹਨ ਤਾਂ ਉਨ੍ਹਾਂ ਦੇ ਮਾਤਾ-ਪਿਤਾ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਇਸ ਦੌਰਾਨ ਉਨ੍ਹਾਂ ਨੇ ਦੋ ਪਹੀਆ ਵਾਹਨ ਚਲਾਉਣ ਸਮੇਂ ਹੈਲਮਟ ਪਾਉਣ ਅਤੇ ਚਾਰ ਪਹੀਆ ਵਾਹਨ ਵਿੱਚ ਸੀਟ ਬੈਲਟ ਲਗਾਉਣ ਦੀ ਸਿੱਖਿਆ ਵੀ ਦਿੱਤੀ। ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਹੈਲਪ ਲਾਈਨ ਨੰਬਰ 112, 1033 ਅਤੇ 1930 ਬਾਰੇ ਵੀ ਜਾਗਰੂਕ ਕੀਤਾ ਗਿਆ। ਸੈਮੀਨਾਰ ਦੇ ਅਖੀਰ ਵਿੱਚ ਪ੍ਰਿੰਸੀਪਲ ਡਾ. ਨੀਰੂ ਸ਼ਰਮਾ ਅਤੇ ਪ੍ਰੋ. ਸੁਖਵਿੰਦਰ ਕੌਰ ਸਮਿਤਾ ਨੇ ਵੀ ਵਿਦਿਆਰਥਣਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ।