ਭਗਵੰਤ ਮਾਨ ਸਰਕਾਰ ਵੱਲੋਂ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਰੰਭੇ ਮਹਾਂ-ਯੁੱਧ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ – ਰਮਨ ਬਹਿਲ

ਗੁਰਦਾਸਪੁਰ

ਨਸ਼ਾ ਤਸਕਰਾਂ ਦੀ ਜਾਣਕਾਰੀ ਵਟਸਐਪ ਹੈਲਪਲਾਈਨ ਨੰਬਰ 97791-00200 `ਤੇ ਸਾਂਝੀ ਕੀਤੀ ਜਾਵੇ – ਬਹਿਲ

ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ

ਗੁਰਦਾਸਪੁਰ, 3 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਰਹੇ ਅਭਿਆਨ ਨੂੰ ਪੰਜਾਬੀਆਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ ਅਤੇ ਜਨਤਾ ਦੇ ਸਹਿਯੋਗ ਨਾਲ ਮਾਨ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਜ਼ਰੂਰ ਕਾਮਯਾਬ ਹੋਵੇਗੀ।

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਬੀਤੇ ਕੱਲ੍ਹ ਨਸ਼ਿਆਂ ਦੀ ਅਲਾਮਤ ਉਤੇ ਆਖ਼ਰੀ ਹੱਲਾ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਜ਼ਾਰਾਂ ਨੌਜਵਾਨਾਂ ਨੂੰ ਹਲਫ਼ ਦਿਵਾਉਣ ਮਗਰੋਂ ਇਸ ਖ਼ਤਰੇ ਖ਼ਿਲਾਫ਼ ਜਨ-ਜਾਗਰੂਕਤਾ ਮੁਹਿੰਮ ਵੀ ਆਰੰਭ ਦਿੱਤੀ ਹੈ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਛੇੜੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਹਿਲਾਂ ਹੀ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਜੁਰਮ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਧੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵੱਲੋਂ ਗੈਰ-ਕਾਨੂੰਨੀ ਤਰੀਕਿਆਂ ਨਾਲ ਬਣਾਈ ਜਾਇਦਾਦ ਨੂੰ ਸੂਬਾ ਸਰਕਾਰ ਨੇ ਪਹਿਲੀ ਦਫ਼ਾ ਢਾਹਿਆ ਜਾਂ ਜ਼ਬਤ ਕੀਤਾ ਹੈ ਤਾਂ ਕਿ ਇਹ ਹੋਰਾਂ ਨੂੰ ਇਸ ਕੰਮ ਵਿੱਚ ਆਉਣ ਤੋਂ ਰੋਕੇ।

ਰਮਨ ਬਹਿਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਮਾੜੀ ਕਾਰਗੁਜ਼ਾਰੀ ਕਾਰਨ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਗੰਭੀਰ ਹੋ ਗਈ ਹੈ ਅਤੇ ਇਹ ਹੁਣ ਸਾਡੀਆਂ ਨਸਾਂ ਵਿੱਚ ਵੜ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਿਆ ਜਾਵੇਗਾ ਕਿਉਂਕਿ ਇਹ ਸਿਰਫ਼ ਸਰਕਾਰ ਦੀ ਲੜਾਈ ਨਹੀਂ, ਸਗੋਂ ਸਮੁੱਚੇ ਸਮਾਜ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਹੁਣ ਲੋਕ ਇਸ ਮੁਹਿੰਮ ਲਈ ਅੱਗੇ ਆ ਰਹੇ ਹਨ ਅਤੇ ਕਈ ਪਿੰਡਾਂ ਦੀਆਂ ਪੰਚਾਇਤਾਂ ਨਸ਼ਿਆਂ ਵਿਰੁੱਧ ਮਤੇ ਪਾਸ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 97791-00200 ਜਾਰੀ ਕੀਤਾ ਹੈ।

Leave a Reply

Your email address will not be published. Required fields are marked *