ਪੱਟੀ: ਰਿਜ਼ਰਵ ਬੈਂਕ ਮੁਤਾਬਕ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ‘ਚ ਪੰਜਾਬ ਸਰਕਾਰ 16800 ਕਰੋੜ ਰੁਪਏ ਦਾ ਕਰਜ਼ਾ ਚੁੱਕਣ ਜਾ ਰਹੀ ਹੈ: ਬਾਜਵਾ
ਚੰਡੀਗੜ੍ਹ, ਗੁਰਦਾਸਪੁਰ, 5 ਅਪ੍ਰੈਲ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਸਦੇ ਕਰਜ਼ਾ ਲੈਣ ਦੇ ਵਧਦੇ ਰੁਝਾਨ ਦੇ ਗੰਭੀਰ ਨਤੀਜਿਆਂ ਬਾਰੇ ਚੇਤਾਵਨੀ ਦਿੱਤੀ ਹੈ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਵੈੱਬਸਾਈਟ ‘ਤੇ ਉਪਲਬਧ ਅੰਕੜਿਆਂ ਅਨੁਸਾਰ ਵਿੱਤੀ ਸਾਲ 2025-26 ਦੀ ਪਹਿਲੀ ਤਿਮਾਹੀ ‘ਚ ਪੰਜਾਬ ‘ਤੇ 16,800 ਕਰੋੜ ਰੁਪਏ ਦਾ ਹੋਰ ਕਰਜ਼ਾ ਹੋਣ ਜਾ ਰਿਹਾ ਹੈ। ਇਸ ਵਿੱਤੀ ਵਰ੍ਹੇ ਦੇ ਅੰਤ ਤੱਕ ਪੰਜਾਬ ਦਾ ਬਕਾਇਆ ਕਰਜ਼ਾ ਲਗਭਗ 4,17,136.10 ਕਰੋੜ ਰੁਪਏ ਹੋਣ ਦਾ ਅਨੁਮਾਨ ਹੈ। ਮਾਰਚ 2022 ‘ਚ ਜਦੋਂ ‘ਆਪ’ ਸਰਕਾਰ ਸੱਤਾ ‘ਚ ਆਈ ਸੀ ਤਾਂ ਪੰਜਾਬ ‘ਤੇ ਲਗਭਗ 2.73 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੀ। ਬਾਜਵਾ ਨੇ ਕਿਹਾ ਕਿ 2027 ‘ਚ ‘ਆਪ’ ਦੇ ਕਾਰਜਕਾਲ ਦੇ ਅੰਤ ਤੱਕ ਪੰਜਾਬ ‘ਤੇ ਕਰਜ਼ੇ ਦਾ ਬੋਝ ਲਗਭਗ 4,50,000 ਕਰੋੜ ਰੁਪਏ ਪਾਰ ਕਰਨ ਦਾ ਅਨੁਮਾਨ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਪੈਦਾ ਕੀਤੀ ਵਿੱਤੀ ਹਫੜਾ-ਦਫੜੀ ਕਾਰਨ ਪੰਜਾਬ ਦੀਵਾਲੀਆ ਸੂਬਾ ਬਣ ਗਿਆ ਹੈ। ਇਸ ਦੌਰਾਨ ਪੰਜਾਬ ਦੇਸ਼ ਦਾ ਦੂਜਾ ਸਭ ਤੋਂ ਵੱਧ ਕਰਜ਼ੇ ਵਾਲਾ ਸੂਬਾ ਹੈ। ਆਪ ਪੰਜਾਬ ਨੂੰ ਇਕ ਦਿਵਾਲੀਆ ਸੂਬਾ ਬਣਾ ਦੇਵੇਗੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪ੍ਰਸਿੱਧ ਅਰਥਸ਼ਾਸਤਰੀਆਂ ਨੇ ਪੰਜਾਬ ਦੀ ‘ਆਪ’ ਸਰਕਾਰ ਦੇ ਹਾਲ ਹੀ ਦੇ ਬਜਟ ਨੂੰ ਆਮ ਜਿਹਾ ਬਜਟ ਕਿਹਾ, ਜਿਸ ਨਾਲ ਪੰਜਾਬ ਰੰਗਲਾ ਦੀ ਬਜਾਏ ਪੰਜਾਬ ਕੰਗਲਾ ਬਣ ਜਾਵੇਗਾ। ਬਾਜਵਾ ਨੇ ਕਿਹਾ ਕਿ ਭਾਵੇਂ ਆਮ ਆਦਮੀ ਪਾਰਟੀ ਨੇ ਆਪਣੇ ਤਿੰਨ ਸਾਲ ਪੂਰੇ ਕਰ ਲਏ ਹਨ ਪਰ ਉਹ ਵਾਅਦੇ ਅਨੁਸਾਰ ਸਰੋਤਾਂ ਤੋਂ ਮਾਲੀਆ ਇਕੱਠਾ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਵਿੱਚ ਮਾਈਨਿੰਗ ਤੋਂ 20,000 ਕਰੋੜ ਰੁਪਏ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਕੇ 34,000 ਕਰੋੜ ਰੁਪਏ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ‘ਆਪ’ ਨੇ ਇਸ਼ਤਿਹਾਰਾਂ ‘ਤੇ ਪੰਜਾਬ ਦੇ ਟੈਕਸ ਭਰਨ ਵਾਲਿਆਂ ਦਾ ਪੈਸਾ ਬਰਬਾਦ ਕਰਕੇ ਆਪਣੀ ਸਰਕਾਰ ਦਾ ਝੂਠਾ ਬਿਰਤਾਂਤ ਸਿਰਜਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਇਨ੍ਹਾਂ ਕੱਟੜ ਇਮਾਨਦਾਰਾਂ ਵੱਲੋਂ ਪਾਰਟੀ ਦੇ ਵਿਸਥਾਰ ‘ਤੇ ਪੰਜਾਬ ਦਾ ਖਜ਼ਾਨਾ ਬਰਬਾਦ ਕੀਤਾ ਜਾ ਰਿਹਾ ਹੈ। ਅਜਿਹੇ ਹਾਲਾਤ ‘ਚ ‘ਆਪ’ ਸਰਕਾਰ ਦਾ ‘ਰੰਗਲਾ ਪੰਜਾਬ’ ਦਾ ਮੰਤਵ ਇਕ ਕੋਝਾ ਮਜ਼ਾਕ ਤੋਂ ਵੱਧ ਕੁਝ ਨਹੀਂ ਜਾਪਦਾ।