ਗੁਰਦਾਸਪੁਰ ਪੁਲਿਸ ਨੇ ਚਲਾਇਆ ਆਪਰੇਸ਼ਨ ਸਤਰਕ, ਰਾਤ ਦੌਰਾਨ ਸੰਵੇਦਨਸ਼ੀਲ ਥਾਵਾਂ ਤੇ ਕੀਤੀ ਜਾਂਚ

ਗੁਰਦਾਸਪੁਰ

ਗੁਰਦਾਸਪੁਰ, 12 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸ਼ਾਂਤਮਈ ਮਾਹੌਲ ਉਪਲਬਧ ਕਰਵਾਉਣ ਦੀ ਵਚਨਬਧਤਾ ਤੇ ਤਹਿਤ ਡੀਜੀਪੀ ਪੰਜਾਬ ਸ੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੁਰਦਾਸਪੁਰ ਪੁਲਿਸ ਵੱਲੋਂ ਬੀਤੀ ਰਾਤ ਨੂੰ ਆਪਰੇਸ਼ਨ ਸਤਰਕ ਚਲਾਇਆ ਗਿਆ।  ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਆਦਿੱਤਯ ਦੀ ਅਗਵਾਈ ਵਿੱਚ ਚੱਲੇ ਇਸ ਓਪਰੇਸ਼ਨ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਵੱਖ-ਵੱਖ ਸੰਵੇਦਨਸ਼ੀਲ ਥਾਵਾਂ ਅਤੇ ਪੁਲਿਸ ਨਾਕਿਆਂ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਚੈਕਿੰਗ ਕਰਨ ਦੇ ਨਾਲ ਨਾਲ ਸ਼ੱਕੀ ਵਾਹਨਾਂ ਵਿਅਕਤੀਆਂ ਦੀ ਜਾਂਚ ਕੀਤੀ ਗਈ ।ਇਸ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਨਾਕਿਆਂ ʼਤੇ ਜਾ ਕੇ ਰਾਤ ਨੂੰ ਡਿਊਟੀ ਨਿਭਾ ਰਹੇ ਪੁਲਿਸ ਦੇ ਜਵਾਨਾਂ ਦੀ ਹੌਸਲਾ ਅਫਜਾਈ ਵੀ ਕੀਤੀ ਅਤੇ ਇਹਨਾਂ ਨਾਕਿਆਂ ਦੀ ਪੜਤਾਲ ਵੀ ਕੀਤੀ।  ਇਸ ਮੌਕੇ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਪੇਸ਼ਵਾਰਾਨਾ ਤਰੀਕੇ ਨਾਲ ਮਾੜੇ ਅਨਸਰਾਂ ਨੂੰ ਨਕੇਲ ਕਸਣ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਜਿੱਥੇ ਸਾਰੇ ਸੰਵੇਦਨਸ਼ੀਲ ਥਾਵਾਂ ਉੱਪਰ ਨਾਕੇ ਲਗਾਏ ਗਏ ਹਨ ਉਥੇ ਭਾਰਤ-ਪਾਕਿ ਅੰਤਰ-ਰਾਸ਼ਟਰੀ ਸਰਹੱਦ ਨਾਲ ਸੈਕਿੰਡ ਡੀਫੈਂਸ ਲਾਈਨ ਨੂੰ ਵੀ ਮਜ਼ਬੂਤ ਕਰਦੇ ਹੋਏ 10 ਵਿਸ਼ੇਸ਼ ਨਾਕੇ ਲਗਾਏ ਗਏ ਹਨ। ਸ੍ਰੀ ਉਮਰਾਨੰਗਲ ਨੇ ਕਿਹਾ ਕਿ ਰਾਜ ਵਿੱਚੋਂ ਨਸ਼ੇ ਦੇ ਖਾਤਮੇ ਲਈ ਸ਼ੁਰੂ ਕੀਤਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇਗਾ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਐੱਸ.ਐੱਸ.ਪੀ. ਆਦਿੱਤਯ ਨੇ ਦੱਸਿਆ ਕਿ ਪੁਲਿਸ ਵੱਲੋਂ ਕੌਮਾਂਤਰੀ ਸਰਹੱਦ ਦੇ ਨਾਲ ਦੂਜੀ ਸੁਰੱਖਿਆ ਕਤਾਰ ਦੀ ਮਜਬੂਤੀ ਦੇ ਨਾਲ-ਨਾਲ ਇਸ ਓਪਰੇਸ਼ਨ ਸਤਰਕ ਦੇ ਦੌਰਾਨ ਅੰਤਰ ਜ਼ਿਲ੍ਹਾ ਨਾਕਿਆਂ ਦੀ ਚੈਕਿੰਗ ਵੀ ਕੀਤੀ ਗਈ ਹੈ ਅਤੇ ਇੱਥੇ ਸੁਰੱਖਿਆ ਹੋਰ ਮਜਬੂਤ ਕੀਤੀ ਗਈ। ਇਸ ਤੋਂ ਬਿਨਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਦੀ ਜਾਂਚ ਤੋਂ ਇਲਾਵਾ ਜ਼ਿਲ੍ਹੇ ਦੀਆਂ ਹੋਰ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਵੀ ਜਾਂਚ ਪੜਤਾਲ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਦੇ ਟਿਕਾਣਿਆਂ ਦੀ ਵੀ ਜਾਂਚ ਕੀਤੀ ਗਈ ਅਤੇ ਆਵਾਜਾਈ ਦੌਰਾਨ ਸ਼ੱਕੀ ਵਾਹਨਾਂ ਦੀ ਵੀ ਪੜਤਾਲ ਕੀਤੀ ਗਈ।

Leave a Reply

Your email address will not be published. Required fields are marked *