ਗੁਰਦਾਸਪੁਰ, 19 ਅਪ੍ਰੈਲ (ਸਰਬਜੀਤ ਸਿੰਘ)— ਗੁਰਦਾਸਪੁਰ ਦੇ ਐਸਐਸਪੀ ਆਦਿੱਤਿਆ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਲਾਪਰਵਾਹੀ ਵਰਤਣ ਵਾਲੇ ਐਸਐਚਓ ਗੁਰਮੀਤ ਸਿੰਘ ਸਮੇਤ ਤਿੰਨ ਐਸਐਚਓਜ਼ ਨੂੰ ਲਾਈਨ ਹਾਜਿਰ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਬਹਿਰਾਮਪੁਰ ਪੁਲਿਸ ਸਟੇਸ਼ਨ ਅਤੇ ਪੁਰਾਣਾ ਸ਼ਾਲਾ ਪੁਲਿਸ ਸਟੇਸ਼ਨ ਦੇ ਐਸਐਚਓ ਵੀ ਸ਼ਾਮਲ ਹਨ। ਇਸ ਤੋਂ ਇਲਾਵਾ, ਜੋੜਾ ਛੱਤਰਾਂ ਪੁਲਿਸ ਚੌਕੀ ਦੇ ਇੰਚਾਰਜ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਬਰਿਆਰ ਪੁਲਿਸ ਚੌਕੀ ਦੇ ਇੰਚਾਰਜ ਨੂੰ ਚੇਤਾਵਨੀ ਦਿੱਤੀ ਗਈ ਹੈ।
ਐਸਐਸਪੀ ਆਦਿੱਤਿਆ ਨੇ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਰਗਰਮੀ ਨਾ ਦਿਖਾਉਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਇਸੇ ਤਰ੍ਹਾਂ ਦੀ ਕਾਰਵਾਈ ਜਾਰੀ ਰਹੇਗੀ। ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ੇੜੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਿਆ ਜਾ ਰਿਹਾ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੀਲੇ ਪਦਾਰਥਾਂ ਦੀ ਕਿਸੇ ਵੀ ਵਿਕਰੀ ਬਾਰੇ ਜਾਣਕਾਰੀ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।


