ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਖ਼ਰੀਦੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਕਿਸਾਨਾਂ ਨੂੰ 349.67 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ

ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 162606 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਕਿਸਾਨਾਂ ਦੀ ਫ਼ਸਲ  ਖ਼ਰੀਦਣ ਤੋਂ ਬਾਅਦ 24 ਘੰਟੇ ਦੇ ਅੰਦਰ-ਅੰਦਰ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 349.67 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਨੂੰ ਕੀਤਾ ਜਾ ਚੁੱਕਾ ਹੈ।

ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 176940 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 162606 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਏਜੰਸੀ ਪਨਗਰੇਨ ਨੇ 46549 ਮੀਟਰਿਕ ਟਨ, ਮਾਰਕਫੈੱਡ ਨੇ 48134 ਮੀਟਰਿਕ ਟਨ, ਪਨਸਪ ਨੇ 36831 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 23086 ਮੀਟਰਿਕ ਟਨ ਅਤੇ  ਐੱਫ਼.ਸੀ.ਆਈ. ਨੇ 7706 ਮੀਟਰਿਕ ਟਨ ਕਣਕ ਖ਼ਰੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 349.67 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੇ ਕੱਲ੍ਹ ਤੱਕ 38270 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਗਈ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਣਕ ਦੀ ਖ਼ਰੀਦ ਲਈ 92 ਮੰਡੀਆਂ ਬਣਾਈਆਂ ਗਈਆਂ ਹਨ, ਜਦਕਿ 2 ਆਰਜ਼ੀ ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਚੱਲ ਰਹੀ ਹੈ।

Leave a Reply

Your email address will not be published. Required fields are marked *