ਗੁਰਦਾਸਪੁਰ, 24 ਅਪ੍ਰੈਲ (ਸਰਬਜੀਤ ਸਿੰਘ) – ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਵਿਧਾਨ ਸਭਾ ਹਲਕਾ ਕਾਦੀਆਂ ਦੇ 5 ਹੋਰ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਮਿਡਲ ਸਕੂਲ ਭਗਤਪੁਰਾ, ਸਰਕਾਰੀ ਪ੍ਰਾਇਮਰੀ ਸਕੂਲ ਛੋਟਾ ਨੰਗਲ, ਸਰਕਾਰੀ ਪ੍ਰਾਇਮਰੀl ਸਕੂਲ ਬਸਰਾਏ, ਸਰਕਾਰੀ ਮਿਡਲ ਸਕੂਲ ਸਲਾਹਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਠੱਕਰ ਸੰਧੂ ਵਿਖੇ ਨਵੇਂ ਸਮਾਰਟ ਕਲਾਸ ਰੂਮ, ਸਕੂਲਾਂ ਦੀ ਚਾਰਦੀਵਾਰੀ ਅਤੇ ਬੁਨਿਆਦੀ ਢਾਂਚੇ ਦੇ ਹੋਰ ਕਾਰਜ ਕੀਤੇ ਗਏ ਹਨ।
ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਕਿਹਾ ਕਿ ਤਿੰਨ ਸਾਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਜਦਕਿ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਕੁਝ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਜੇਕਰ ਨੀਅਤ ਚੰਗੀ ਹੋਵੇ ਤਾਂ ਸਭ ਕੁਝ ਸੰਭਵ ਹੈ।
ਚੇਅਰਮੈਨ ਸ. ਸੇਖਵਾਂ ਨੇ ਦੱਸਿਆ ਕਿ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਹੋ ਕਾਰਨ ਹੈ ਕਿ ਤਿੰਨਾਂ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਜਿੱਥੇ ਸਰਕਾਰੀ ਸਕੂਲਾਂ ‘ਤੇ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਪੈਸੇ ਲਗਾ ਦਿੱਤੇ ਹਨ ਉੱਥੇ ਹੀ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਅਧਿਆਪਕਾਂ ਨੂੰ ਸਿੰਘਾਪੁਰ, ਫਿਨਲੈਂਡ ਦੇਸ਼ਾਂ ਵਿੱਚ ਟਰੇਨਿੰਗ ਲਈ ਭੇਜਿਆ ਜਾ ਰਿਹਾ ਹੈ।


