ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗੁਰਦਾਸਪੁਰ, 25 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 5 ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੁਹਿੰਮ ਦਾ ਉਦੇਸ਼ ਸ਼ਹਿਰੀ ਅਤੇ ਪੇਂਡੂ ਹਲਕੇ ਵਿਚ ਸਮਾਨ ਰੂਪ ਨਾਲ ਗੁਣਵੱਤਾ ਸਿੱਖਿਆ ਪ੍ਰਦਾਨ ਕਰਨਾ ਹੈ।
ਸਰਕਾਰੀ ਪ੍ਰਾਇਮਰੀ ਸਕੂਲ ਬਹਿਰਾਮਪੁਰ ਰੋਡ ਗੁਰਦਾਸਪੁਰ, ਸਰਕਾਰੀ ਪ੍ਰਾਇਮਰੀ ਸਕੂਲ ਕਚਹਿਰੀ ਰੋਡ, ਸਰਕਾਰੀ ਪ੍ਰਾਇਮਰੀ ਸਕੂਲ ਹਰਦੋਬਥਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਹਰਦੋਬਥਵਾਲਾ ਕਲੋਨੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹੱਲਾ ਵਿਖੇ ਸਮਾਰਟ ਕਲਾਸ ਰੂਮ, ਸਕੂਲਾਂ ਦੀ ਚਾਰਦੀਵਾਰੀ, ਗੇਟ, ਲਾਇਬ੍ਰੇਰੀਆਂ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਹੁਣ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ ਹੈ ਜੋ ਹਰ ਪਿੰਡ, ਹਰ ਸਕੂਲ ਅਤੇ ਹਰ ਬੱਚੇ ਤੱਕ ਪਹੁੰਚ ਰਹੀ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸਾਡਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਜ਼ਰੂਰਤਮੰਦ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਵੀ ਇਹੀ ਆਧੁਨਿਕ ਸੁਵਿਧਾਵਾਂ ਅਤੇ ਗੁਣਵੱਤਾ ਪ੍ਰਾਪਤ ਹੋਵੇ ਜੋ ਨਿੱਜੀ ਸਕੂਲਾਂ ਵਿਚ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਕਿਸੇ ਰਾਸ਼ਟਰ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਸਰਕਾਰ ਦਾ ਇਹ ਕਰਤੱਵ ਹੈ ਕਿ ਉਹ ਹਰ ਬੱਚੇ ਨੂੰ ਸਮਾਨ ਮੌਕੇ ਪ੍ਰਦਾਨ ਕਰੇ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਨਵ-ਨਿਰਮਾਣ ਕਮਰੇ ਸਮਾਰਟ ਕਲਾਸ ਸੁਵਿਧਾਵਾਂ ਅਤੇ ਆਧੁਨਿਕ ਵਿੱਦਿਅਕ ਤਕਨੀਕਾਂ ਨਾਲ ਲੈਸ ਹਨ ਜਿਸ ਨਾਲ ਬੱਚਿਆਂ ਦਾ ਸਿੱਖਿਆ ਪੱਧਰ ਵਿਚ ਮਹੱਤਵਪੂਰਨ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਸਿੱਖਿਆ ਵਿਵਸਥਾ ਨੂੰ ਮਜ਼ਬੂਤੀ ਦੇਵੇਗਾ ਬਲਕਿ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰ ਨਾਗਰਿਕ ਬਣਾਉਣ ਵਿਚ ਵੀ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੂਬੇ ਵਿਚ 118 ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਧਿਆਪਕਾਂ ਨੂੰ ਟਰੇਨਿੰਗ ਲਈ ਵਿਦੇਸ਼ਾਂ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਬੱਚਿਆਂ ਨੂੰ ਅੱਜ ਦੇ ਸਮੇਂ ਦੇ ਹਿਸਾਬ ਨਾਲ ਬਿਹਤਰੀਨ ਸਿੱਖਿਆ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਦੂਰ ਕੀਤਾ ਜਾ ਰਿਹਾ ਹੈ। ਸ੍ਰੀ ਬਹਿਲ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਤਾਂ ਜੋ ਉਹ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਆਧੁਨਿਕ ਸੰਸਥਾਵਾਂ ਦਾ ਲਾਭ ਵੀ ਪ੍ਰਾਪਤ ਕਰ ਸਕਣ।


