ਭਗਵੰਤ ਸਿੰਘ ਮਾਨ ਦੀ ਸਰਕਾਰ ਕਿਸਾਨਾਂ ਦਾ ਦਾਣਾ-ਦਾਣਾ ਖ੍ਰੀਦਣ ਲਈ ਵਚਨਬੱਧ-ਰਮਨ ਬਹਿਲ
ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨਾਂ ਨਾਲ ਵੱਖ-ਵੱਖ ਖਰੀਦ ਏਜੰਸੀਆਂ, ਫੂਡ ਸਪਲਾਈ, ਮੰਡੀ ਬੋਰਡ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀ ਵੀ ਮੌਜੂਦ ਸਨ।
ਗੁਰਦਾਸਪੁਰ ਮੰਡੀ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਉੱਪਰ ਤਸੱਲੀ ਜ਼ਾਹਿਰ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਯੋਗ ਅਗਵਾਈ ਹੇਠ ਸੂਬੇ ਵਿੱਚ ਝੋਨੇ ਦੀ ਖਰੀਦ ਬਹੁਤ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਪੂਰੇ ਤੋਲ ਅਤੇ ਭਾਅ ’ਤੇ ਖਰੀਦਿਆ ਜਾਵੇਗਾ। ਉਨਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਦੀਆਂ ਮੰਡੀਆਂ ਵਿੱਚ 222 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਨਾਲ ਦੀ ਨਾਲ ਹੋ ਰਹੀ ਹੈ। ਉਨਾਂ ਦੱਸਿਆ ਕਿ ਰਾਜਪੁਰਾ ਮੰਡੀ ਵਿੱਚ ਝੋਨੇ ਦੀ ਪਹਿਲੀ ਢੇਰੀ ਗੁਰਪ੍ਰੀਤ ਸਿੰਘ ਨਾਮ ਦੇ ਕਿਸਾਨ ਦੀ ਖਰੀਦੀ ਗਈ ਸੀ ਅਤੇ ਮਹਿਜ 4 ਘੰਟੇ ਵਿੱਚ ਉਸ ਕਿਸਾਨ ਦੀ ਅਦਾਇਗੀ ਕਰ ਦਿੱਤੀ ਗਈ ਜੋ ਕਿ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਉਨਾਂ ਦੱਸਿਆ ਕਿ ਜ਼ਿਲਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ ਤੇਜ਼ ਹੋ ਗਈ ਹੈ ਅਤੇ ਵੱਖ-ਵੱਖ ਮੰਡੀਆਂ ਵਿੱਚ 532 ਮੀਟਿ੍ਰਕ ਟਨ ਝੋਨੇ ਦੀ ਖਰੀਦੀ ਜਾ ਚੁੱਕੀ ਹੈ।
ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਤਰਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਅਤੇ ਲਿਫਟਿੰਗ ਦੀ ਵੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਬਹਿਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰਾਂ ਪੱਕਣ ’ਤੇ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ ਤਾਂ ਜੋ ਮੰਡੀ ਵਿੱਚ ਉਨਾਂ ਨੂੰ ਕੋਈ ਮੁਸ਼ਕਲ ਨਾ ਆਵੇ।