ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਅਤੇ ਫ਼ਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ

ਸਰਕਾਰੀ ਹਸਪਤਾਲ ਕਲਾਨੌਰ ਵਿੱਚ ਐਮਰਜੈਂਸੀ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ

ਕਲਾਨੌਰ/ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ) – ਭਾਰਤ-ਪਾਕਿਸਤਾਨ ਦਰਮਿਆਨ ਚੱਲ ਰਹੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਸਰਹੱਦੀ ਲੋਕਾਂ ਦੀ ਸੁਰੱਖਿਆ ਅਤੇ ਐਮਰਜੈਂਸੀ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਤੇ ਹੋਰ ਸਹੂਲਤਾਂ ਦੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਸਥਾਨਿਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਸਰਕਾਰੀ ਹਸਪਤਾਲ ਕਲਾਨੌਰ ਅਤੇ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਸਭ ਤੋਂ ਪਹਿਲਾਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਸਰਕਾਰੀ ਹਸਪਤਾਲ ਕਲਾਨੌਰ ਦਾ ਦੌਰਾ ਕਰਕੇ ਓਥੇ ਐਮਰਜੈਂਸੀ ਹਾਲਤਾਂ ਦੇ ਮੱਦੇਨਜ਼ਰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।  ਇਸ ਮੌਕੇ ਐੱਸ.ਐੱਮ.ਓ. ਕਲਾਨੌਰ ਨੇ ਦੱਸਿਆ ਕਿ ਸੀ.ਐੱਚ.ਸੀ. ਕਲਾਨੌਰ ਵਿਖੇ 38 ਬੈੱਡ ਦੀ ਸਹੂਲਤ ਉਪਲੱਬਧ ਹੈ ਅਤੇ ਐਮਰਜੈਂਸੀ ਦੀ ਸਾਰੀ ਸਹੂਲਤ ਉਪਲੱਬਧ ਹੈ। ਇਸ ਤੋਂ ਇਲਾਵਾ ਡੇਰਾ ਬਾਬਾ ਨਾਨਕ ਹਸਪਤਾਲ ਵਿੱਚ ਵੀ 50 ਬੈੱਡ ਦੀ ਸਹੂਲਤ ਤੇ ਐਮਰਜੈਂਸੀ ਸਹੂਲਤਾਂ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਬਲੱਡ ਬੈਂਕਾਂ ਵਿੱਚ ਲੋੜੀਂਦੀ ਮਾਤਰਾ ਵਿੱਚ ਖ਼ੂਨ ਦੀ ਉਪਲਬਧਤਾ ਮੌਜੂਦ ਹੈ। ਇਸ ਤੋਂ ਬਾਅਦ ਦੋਵਾਂ ਮੰਤਰੀ ਸਾਹਿਬਾਨ ਵੱਲੋਂ ਫਾਇਰ ਬ੍ਰਿਗੇਡ ਦਫ਼ਤਰ ਗੁਰਦਾਸਪੁਰ ਦਾ ਦੌਰਾ ਕਰਕੇ ਓਥੇ ਹੰਗਾਮੀ ਮੌਕੇ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਵੀ ਲਿਆ ਗਿਆ।

ਇਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਐਮਰਜੈਂਸੀ ਹਾਲਤਾਂ ਨਾਲ ਨਿਪਟਣ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਜ਼ਿਲ੍ਹੇ ਵਿੱਚ ਰਾਤ ਸਮੇਂ ਬਲੈਕ-ਆਊਟ ਜਾਰੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਹੰਗਾਮੀ ਹਾਲਤ ਤੋਂ ਬਚਣ ਲਈ ਮੌਕ ਡਰਿੱਲ ਕਰਵਾਈ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀਆਂ ਹੋਰ ਤਿਆਰੀਆਂ ਬਾਰੇ ਵਿਸਥਾਰ ਵਿੱਚ ਦੱਸਿਆ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕੈਬਨਿਟ ਦੇ ਸਾਥੀਆਂ ਦੀ ਵੱਖ-ਵੱਖ ਸਰਹੱਦੀ ਜ਼ਿਲ੍ਹਿਆਂ ਵਿੱਚ ਡਿਊਟੀ ਲਗਾਈ ਹੈ ਅਤੇ ਇਨ੍ਹਾਂ ਹਦਾਇਤਾਂ ਤਹਿਤ ਹੀ ਉਹ ਕਲਾਨੌਰ ਤੇ ਗੁਰਦਾਸਪੁਰ ਦੇ ਲੋਕਾਂ ਕੋਲ ਪਹੁੰਚੇ ਹਨ।

ਕਟਾਰੂਚੱਕ ਨੇ ਕਿਹਾ  ਕਿ ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ ਅਤੇ ਸਾਨੂੰ ਸਾਡੀ ਭਾਰਤੀ ਫ਼ੌਜ ਅਤੇ ਆਪਣੇ ਵੀਰ ਜਵਾਨਾਂ `ਤੇ ਮਾਣ ਹੈ। ਉਨ੍ਹਾਂ ਕਿਹਾ ਕਿ 140 ਕਰੋੜ ਦੇਸ਼ ਵਾਸੀ ਭਾਰਤੀ ਫ਼ੌਜ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਬਹਾਦਰ ਲੋਕ ਹਮੇਸ਼ਾਂ ਹੀ ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਦੇਸ਼ ਦੀ ਫ਼ੌਜ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਸ ਯੁੱਧ ਦੀ ਸਥਿਤੀ ਮੌਕੇ ਵੀ ਸਰਹੱਦੀ ਖੇਤਰ ਦੇ ਵਾਸੀਆਂ ਦੇ ਜਜ਼ਬੇ ਨੂੰ ਸਲਾਮ ਹੈ ਜੋ ਭਾਰਤੀ ਫ਼ੌਜ ਦਾ ਸਾਥ ਦੇਣ ਲਈ ਹਮੇਸ਼ਾਂ ਦੀ ਵਾਂਗ ਤਿਆਰ ਬਰ ਤਿਆਰ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਆਪਣੀਆਂ ਨਾ-ਪਾਕ ਹਰਕਤਾਂ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜੇ ਵੀ ਪਾਕਿਸਤਾਨ ਬਾਜ਼ ਨਾ ਆਇਆ ਤਾਂ ਭਾਰਤ ਵੱਲੋਂ ਇਸ ਦਾ ਮੂੰਹ ਤੋੜ ਜੁਆਬ ਦਿੱਤਾ ਜਾਵੇਗਾ।

Leave a Reply

Your email address will not be published. Required fields are marked *