ਨਸ਼ਾ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਤੋਂ ਖ਼ੁਸ਼ ਹੋ ਕੇ ਲੋਕਾਂ ਨੇ ਪੰਜਾਬ ਸਰਕਾਰ ਦੀ ਕੀਤੀ ਸ਼ਲਾਘਾ
ਦੀਨਾਨਗਰ/ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਪਿੰਡ ਡੀਡਾ ਸਾਂਸੀਆਂ ਦੇ ਨਸ਼ਾ ਵੇਚਣ ਵਾਲੇ ਤਸਕਰਾਂ ਉੱਪਰ ਵੱਡਾ ਬੁਲਡੋਜ਼ਰ ਐਕਸ਼ਨ ਕਰਦਿਆਂ 2 ਨਸ਼ਾ ਤਸਕਰਾਂ ਦੇ ਘਰ ਢਾਹ ਦਿੱਤੇ ਹਨ। ਪਿੰਡ ਡੀਡਾ ਸਾਂਸੀਆਂ ਦੇ ਇਨ੍ਹਾਂ ਨਸ਼ਾ ਤਸਕਰਾਂ ਉੱਪਰ ਨਸ਼ਾ ਵੇਚਣ ਦੇ ਕਈ ਕੇਸ ਦਰਜ ਸਨ ਅਤੇ ਇਨ੍ਹਾਂ ਨੇ ਆਪਣੇ ਘਰ ਨਹਿਰੀ ਵਿਭਾਗ ਦੀ ਸਰਕਾਰੀ ਜ਼ਮੀਨ ਉੱਪਰ ਕਬਜ਼ਾ ਕਰਕੇ ਬਣਾਏ ਹੋਏ ਸਨ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਸਵੇਰੇ 11:00 ਵਜੇ ਪਿੰਡ ਡੀਡਾ ਸਾਂਸੀਆਂ ਵਿਖੇ ਨਸ਼ਾ ਤਸਕਰਾਂ ਵੱਲੋਂ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਬਣਾਏ ਨਜਾਇਜ਼ ਘਰਾਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ ਕਾਰਵਾਈ ਸ਼ੁਰੂ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਦੀਨਾਨਗਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਡੀਡਾ ਸੈਣੀਆਂ ਦੇ ਵਸਨੀਕ ਬਲਜਿੰਦਰ ਅਤੇ ਲਖਵਿੰਦਰ ਨੇ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਕਬਜ਼ਾ ਕਰਕੇ ਨਜਾਇਜ਼ ਘਰ ਬਣਾਏ ਹੋਏ ਸਨ ਜਿਸ ਦੀ ਜਾਂਚ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਨਜਾਇਜ਼ ਉਸਾਰੀਆਂ ਕਰਨ ਵਾਲੇ ਦੋਸ਼ੀਆਂ ਨੂੰ ਕਾਨੂੰਨੀ ਪ੍ਰੀਕ੍ਰਿਆ ਪੂਰੀ ਕਰਦਿਆਂ ਨੋਟਿਸ ਵੀ ਦਿੱਤੇ ਗਏ ਸਨ ਜਿਸਦੇ ਬਾਵਜੂਦ ਵੀ ਉਨ੍ਹਾਂ ਵੱਲੋਂ ਇਹ ਨਜਾਇਜ਼ ਉਸਾਰੀਆਂ ਨੂੰ ਨਹੀਂ ਢਾਹਿਆ ਗਿਆ ਸੀ। ਜਿਸ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਸ ਇਮਦਾਦ ਲੈ ਕੇ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਬਣੇ ਇਨ੍ਹਾਂ 2 ਘਰਾਂ ਨੂੰ ਜੇ.ਸੀ.ਬੀ. ਮਸ਼ੀਨ ਦੀ ਮਦਦ ਨਾਲ ਢਾਹ ਦਿੱਤਾ ਗਿਆ ਹੈ।
ਇਸ ਮੌਕੇ ਮੌਜੂਦ ਜ਼ਿਲ੍ਹਾ ਪੁਲਸ ਮੁਖੀ ਗੁਰਦਾਸਪੁਰ ਆਦਿੱਤਯ, ਆਈ.ਪੀ.ਐੱਸ. ਨੇ ਦੱਸਿਆ ਕਿ ਜਲ ਸਰੋਤ ਵਿਭਾਗ ਨੇ ਪੁਲੀਸ ਨੂੰ ਲਿਖਤੀ ਰੂਪ ਵਿੱਚ ਰਿਪੋਰਟ ਦਿੱਤੀ ਸੀ ਕਿ ਪਿੰਡ ਡੀਡਾ ਸਾਂਸੀਆਂ ਵਿਖੇ ਬਲਜਿੰਦਰ ਅਤੇ ਲਖਵਿੰਦਰ ਨੇ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਕਬਜ਼ੇ ਕਰਕੇ ਆਪਣੇ ਘਰਾਂ ਦੀ ਨਜਾਇਜ਼ ਉਸਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਨਜਾਇਜ਼ ਉਸਾਰੀਆਂ ਨੂੰ ਢਾਹਿਆ ਗਿਆ ਹੈ ਅਤੇ ਇਸ ਮੌਕੇ ਕਾਨੂੰਨ ਵਿਵਸਥਾ ਨੂੰ ਬਹਾਲ ਰੱਖਣ ਲਈ ਪੁਲਸ ਇਮਦਾਦ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਨਹਿਰੀ ਵਿਭਾਗ ਦੀ ਜ਼ਮੀਨ ਉੱਪਰ ਕਬਜ਼ਾ ਕਰਨ ਵਾਲੇ ਇਹ ਦੋਵੇਂ ਵਿਅਕਤੀ ਬਲਜਿੰਦਰ ਅਤੇ ਲਖਵਿੰਦਰ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹਨ ਅਤੇ ਗੁਰਦਾਸਪੁਰ ਪੁਲਸ ਵੱਲੋਂ ਪਹਿਲਾਂ ਹੀ ਬਲਜਿੰਦਰ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ਼ ਐਕਟ ਦੇ 10 ਪਰਚੇ ਜਦਕਿ ਲਖਵਿੰਦਰ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਤੇ ਐਕਸਾਈਜ਼ ਐਕਟ ਦੇ 12 ਪਰਚੇ ਦਰਜ ਸਨ।
ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕਾਰਵਾਈ ਸਮੇਂ ਮੌਕੇ `ਤੇ ਪਹੁੰਚੇ ਇਲਾਕਾ ਨਿਵਾਸੀ ਕਾਫ਼ੀ ਉਤਸ਼ਾਹ ਵਿੱਚ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਸ਼ਲਾਘਾ ਕੀਤੀ। ਇਸ ਮੌਕੇ ਐੱਸ.ਪੀ. ਜੁਗਰਾਜ ਸਿੰਘ, ਡੀ.ਐੱਸ.ਪੀ. ਦੀਨਾਨਗਰ ਰਜਿੰਦਰ ਮਨਹਾਸ, ਡੀ.ਐੱਸ.ਪੀ. ਗੁਰਦਾਸਪੁਰ ਸੁਖਰਾਜ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।



