ਗੁਰਦਾਸਪੁਰ, 7 ਅਕਤੂਬਰ (ਸਰਬਜੀਤ ਸਿੰਘ) – ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਮਿਤੀ 1 ਜਨਵਰੀ 2023 ਦੀ ਯੋਗਤਾ ਦੇ ਅਧਾਰ ’ਤੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਅਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਬੂਥ ਲੈਵਲ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਵਿਸ਼ੇਸ਼ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਵੋਟਰਾਂ ਦੀ ਵੋਟ ਅਤੇ ਅਧਾਰ ਕਾਰਡ ਨੂੰ ਗਰੁੜਾ ਐਪ ਵਿਧੀ ਰਾਹੀਂ ਆਨ-ਲਾਈਨ ਕੀਤਾ ਜਾ ਰਿਹਾ ਹੈ।
ਵਧੀਕ ਜ਼ਿਲ੍ਹਾ ਚੋਣ ਅਧਿਕਾਰੀਕਮ-ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਨਿਧੀ ਕੁਮੁਦ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਅਕਤੂਬਰ ਦਿਨ ਸ਼ੁਕਰਵਾਰ ਅਤੇ 8 ਅਕਤੂਬਰ 2022 ਦਿਨ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ਦੇ ਬੀ.ਐੱਲ.ਓਜ਼ ਵੱਲੋਂ ਵੋਟਰਾਂ ਦੇ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਈ.ਆਰ.ਓਜ਼, ਸੈਕਟਰ ਅਫ਼ਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ 7 ਤੇ 8 ਅਕਤੂਬਰ ਨੂੰ ਇਹ ਯਕੀਨੀ ਬਣਾਉਣਗੇ ਕਿ ਬੀ.ਐੱਲ.ਓਜ਼ ਵੱਲੋਂ ਆਪਣੇ ਖੇਤਰਾਂ ਵਿੱਚ ਘਰ-ਘਰ ਜਾ ਕੇ ਅਧਾਰ ਕਾਰਡਾਂ ਦੇ ਡਾਟੇ ਨੂੰ ਵੋਟਰ ਸੂਚੀਆਂ ਨਾਲ ਲਿੰਕ ਕਰਨ। ਉਨ੍ਹਾਂ ਕਿਹਾ ਕਿ ਘੱਟ ਪ੍ਰਗਤੀ ਵਾਲੇ ਪੋਲਿੰਗ ਬੂਥਾਂ ਉੱਪਰ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਵਧੀਕ ਜ਼ਿਲਾ ਚੋਣ ਅਧਿਕਾਰੀ ਨੇ ਵੋਟਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਅਧਾਰ ਕਾਰਡ ਲਿੰਕ ਕਰਵਾਉਣ ਵਿੱਚ ਬੀ.ਐੱਲ.ਓਜ਼ ਨੂੰ ਸਹਿਯੋਗ ਕਰਨ।