ਕਿਹਾ, ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਸੂਬੇ ਚ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ਲਾਗੂ
ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਜਾਗਰੂਕਤਾ ਯਾਤਰਾ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ, ਵਰਿਆਂ ਤੇ ਸਰਾਵਾਂ ਵਿੱਚ ਪਹੁੰਚੀ, ਜਿਸਦੀ ਅਗਵਾਈ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਕੀਤੀ ਗਈ।
ਇਸ ਮੌਕੇ ਪਿੰਡਾਂ ਵਿੱਚ ਵੱਡੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਇਸ ਯਾਤਰਾ ਦਾ ਮਨੋਰਥ ਨਸ਼ਿਆਂ ਦੇ ਖਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣ ਅਤੇ ਨੌਜ਼ਵਾਨ ਪੀੜੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਜਾਗਰੂਕ ਕਰਨਾ ਹੈ। ਨਸ਼ਿਆਂ ਦੇ ਖ਼ਿਲਾਫ਼ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਤੇ ਜ਼ੋਰ ਦਿੰਦਿਆ ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਸਮਾਜਿਕ ਸਰੋਕਾਰਾਂ ਤੋਂ ਉਪਰ ਉੱਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਇਹ ਉੱਦਮ ਤਾਂ ਹੀ ਸਫ਼ਲ ਹੋ ਸਕਦਾ ਹੈ, ਜਦੋਂ ਸਮਾਜ ਦੇ ਹਰ ਇੱਕ ਵਿਅਕਤੀ ਦੀ ਇਸ ਮੁਹਿੰਮ ਵਿੱਚ ਸਮੂਲੀਅਤ ਯਕੀਨੀ ਹੋਵੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ ਵੱਲੋਂ ਤਿੰਨ-ਨੁਕਾਤੀ ਰਣਨੀਤੀ ਅਮਲ ਚ ਲਿਆਈ ਗਈ ਹੈ ਜਿਸ ਵਿੱਚ ਇਨਫੋਰਸਮੈਂਟ (ਕਾਨੂੰਨੀ ਕਾਰਵਾਈ), ਨਸ਼ਾ ਮੁਕਤੀ ਅਤੇ ਰੋਕਥਾਮ ਪ੍ਰਮੁੱਖ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਾਂ ਉਹ ਪੰਜਾਬ ਛੱਡ ਜਾਣ ਜਾਂ ਫਿਰ ਨਸ਼ਿਆਂ ਦਾ ਕਾਰੋਬਾਰ ਛੱਡਣ, ਨਹੀਂ ਤਾਂ ਨਤੀਜੇ ਭੋਗਣ ਲਈ ਤਿਆਰ ਰਹਿਣ।
ਚੇਅਰਮੈਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਕੇ ਜੋ ਰੰਗਲਾ ਪੰਜਾਬ ਬਣਾਉਣ ਦਾ ਸੁਪਨਾ ਲਿਆ ਗਿਆ ਹੈ ਉਸਨੂੰ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਾ ਮੁਕਤੀ ਮੁਹਿੰਮ ਵਿੱਚ ਆਪਣਾ ਸਹਿਯੋਗ ਕਰਨ ਦੀ ਸਹੁੰ ਵੀ ਚੁਕਾਈ।


