ਪਿੰਡ ਨੜ੍ਹਾਂਵਾਲੀ, ਡੇਹਰੀਵਾਲ ਕਿਰਨ, ਕਲਾਨੌਰ, ਕੋਟ ਮੀਆਂ ਸਾਹਿਬ, ਦਲੇਲਪੁਰ ਅਤੇ ਖੁਸ਼ੀਪੁਰ ਦੇ ਲੋਕਾਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ

ਗੁਰਦਾਸਪੁਰ


ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਹਲਕਾ ਵਾਸੀਆਂ ਨਾਲ ਜਾਗਰੂਕਤਾ ਮੀਟਿੰਗਾਂ

ਕਲਾਨੌਰ/ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)–  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗੇ ਹਨ ਅਤੇ ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ ਹਨ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਹਲਕੇ ਦੇ ਪਿੰਡ ਨੜ੍ਹਾਂਵਾਲੀ, ਡੇਹਰੀਵਾਲ ਕਿਰਨ, ਕਲਾਨੌਰ, ਕੋਟ ਮੀਆਂ ਸਾਹਿਬ, ਦਲੇਲਪੁਰ ਅਤੇ ਖੁਸ਼ੀਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਵਿਲੇਜ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਦੌਰਾਨ ਕੀਤਾ।

ਵਿਧਾਇਕ  ਗੁਰਦੀਪ ਸਿੰਘ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜ੍ਹੇ ਵੀ ਕਰ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਮੌਕੇ ਸਮੂਹ ਹਾਜ਼ਰੀਨ ਨੇ ਨਸ਼ਾ ਨਾ ਕਰਨ, ਨਸ਼ਿਆਂ ਤੋਂ ਬਚਣ ਲਈ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਲਿਆ।

ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਇਸ ਤੋਂ ਹਰੇਕ ਨੌਜਵਾਨ ਨੂੰ ਬਚਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿਹਾ ਹੁਣ ਪਿੰਡ ਪੱਧਰ ‘ਤੇ ਵਿਲੇਜ ਡਿਫੈਂਸ ਕਮੇਟੀਆਂ ਨੂੰ ਵੀ ਜ਼ਿੰਮੇਵਾਰੀ ਦਿੱਤੀ ਗਈ ਹੈ ਕਿ ਉਹ ਨੌਜਵਾਨਾਂ ਨੂੰ ਸਹੀ ਗਾਈਡ ਕਰਨ ਅਤੇ ਖੇਡ ਨਾਲ ਜੋੜ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ। ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਡੀ.ਐੱਸ.ਪੀ. ਜਸਵੰਤ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ. ਐੱਸ.ਐੱਚ.ਓ. ਕਲਾਨੌਰ ਸਾਹਿਲ ਪਠਾਣੀਆਂ, ਐੱਸ.ਆਈ, ਪਹੁਲਪ੍ਰੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਪਤਵੰਤੇ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *