ਡੇਰਾ ਬਾਬਾ ਨਾਨਕ, ਗੁਰਦਾਸਪੁਰ 28 ਮਈ (ਸਰਬਜੀਤ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਫ਼ਤਿਹਗੜ੍ਹ ਚੂੜੀਆਂ ਬਲਾਕ ਦੇ ਪਿੰਡ ਹਰਦੋਰਵਾਲ ਖ਼ੁਰਦ ਵਿਖੇ ਲਗਾਇਆ ਗਿਆ। ਜਿਸ ਵਿੱਚ ਕੁਦਰਤੀ ਸਰੋਤਾਂ ਨੂੰ ਬਚਾਉਣ ਲਈ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਝੋਨੇ ਹੇਠੋਂ ਰਕਬਾ ਕੱਢ ਕੇ ਹੋਰਨਾਂ ਫ਼ਸਲਾਂ ਅਧੀਨ ਲਿਆਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਡਾ. ਸੁਖਬੀਰ ਸਿੰਘ ਸੰਧੂ ਨੇ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਜ਼ਰੂਰੀ ਨੁਕਤੇ ਸਾਂਝੇ ਕੀਤੇ, ਜਿਸ ਨਾਲ ਕਿਸਾਨਾਂ ਦੇ ਖੇਤੀ ਖ਼ਰਚੇ ਘੱਟ ਕਰਨ ਦੇ ਨਾਲ-ਨਾਲ ਆਮਦਨ ਵਿੱਚ ਵੀ ਵਾਧਾ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਅਪਣਾਉਣ ਅਤੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਦਾ ਵੀ ਸੁਨੇਹਾ ਦਿੱਤਾ।
ਡਾ. ਗੁਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੇਵਲ ਛੇ ਜ਼ਿਲ੍ਹਿਆਂ ਵਿੱਚ ਚਲਾਏ ਗਏ ਮੱਕੀ ਦੇ ਵਿਸ਼ੇਸ਼ ਪਾਇਲਟ ਪ੍ਰਾਜੈਕਟ ਸਬੰਧੀ ਵਿਸਥਾਰ ਵਿੱਚ ਦੱਸਿਆ ਗਿਆ ਕਿ ਸਾਉਣੀ ਮੱਕੀ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੀ 17500 ਰੁਪਏ ਪ੍ਰਤੀ ਹੈਕਟੇਅਰ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਉਨ੍ਹਾਂ ਵੱਲੋਂ ਮੱਕੀ ਦੀ ਕਾਸ਼ਤ ਸਬੰਧੀ ਵੀ ਵਿਸਥਾਰਤ ਜਾਣਕਾਰੀ ਦਿੱਤੀ ਗਈ ਅਤੇ ਖਾਦਾਂ ਦਵਾਈਆਂ ਦੀ ਸੁਚੱਜੀ ਵਰਤੋਂ ਕਰਨ ਦੇ ਸੁਝਾਅ ਦਿੱਤੇ ਗਏ।
ਝੋਨੇ ਦੀ ਸਿੱਧੀ ਬਿਜਾਈ ਦੀ ਸਫਲਤਾ ਲਈ ਡਾ. ਸੰਦੀਪ ਸਿੰਘ ਨੇ ਕਿਸਾਨਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਝੋਨੇ ਦੀ ਫ਼ਸਲ ਦੇ ਵੱਧ ਝਾੜ ਲੈਣ ਲਈ ਤਕਨੀਕੀ ਜਾਣਕਾਰੀ ਦਿੱਤੀ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਸ਼੍ਰੀ ਹਰਮਨਪ੍ਰੀਤ ਸਿੰਘ ਨੇ ਬਾਖ਼ੂਬੀ ਬਣਾਈ ਅਤੇ ਕੈਂਪ ਵਿੱਚ ਆਏ ਅਧਿਕਾਰੀਆਂ ਅਤੇ ਕਿਸਾਨ ਵੀਰਾਂ ਦਾ ਧੰਨਵਾਦ ਕੀਤਾ।
ਕੈਂਪ ਵਿੱਚ ਸ਼ਾਮਲ ਕਿਸਾਨਾਂ ਜਿਨ੍ਹਾਂ ਵਿੱਚ ਹਰਸਿਮਰਨ ਸਿੰਘ ਰਾਜਾ ਸਰਪੰਚ, ਕਰਮਿੰਦਰ ਸਿੰਘ, ਪੰਚਾਇਤ ਮੈਂਬਰਾਂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਜਿਨ੍ਹਾਂ ਵਿੱਚ ਖੇਤੀਬਾੜੀ ਵਿਸਥਾਰ ਅਫ਼ਸਰ ਅਜਮੇਰ ਸਿੰਘ, ਨਵਦੀਪ ਕੌਰ, ਖੇਤੀਬਾੜੀ ਉਪ-ਨਿਰੀਖਕ ਦਿਲਪ੍ਰੀਤ ਸਿੰਘ, ਹਰਮਨਦੀਪ ਸਿੰਘ, ਜੁਗਰਾਜ ਸਿੰਘ, ਅਸ਼ਵਿੰਦਰ ਕੌਰ, ਰਾਜਪ੍ਰੀਤ ਕੌਰ ਬੀਟੀਐਮ, ਹਰਜੀਤ ਸਿੰਘ, ਸਤਨਾਮ ਸਿੰਘ ਅਤੇ ਹਰਜੀਤ ਸਿੰਘ ਨੇ ਕੈਂਪ ਦੀ ਸਫਲਤਾ ਲਈ ਯੋਗਦਾਨ ਪਾਇਆ।


