ਪਿੰਡ ਜ਼ਫਰਵਾਲ ਅਤੇ ਮੱਲੀਆਂ ਫ਼ਕੀਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ
ਧਾਰੀਵਾਲ/ਗੁਰਦਾਸਪੁਰ, 02 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਵੱਲੋਂ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡ ਜ਼ਫਰਵਾਲ ਅਤੇ ਮੱਲੀਆਂ ਫ਼ਕੀਰਾਂ ਵਿਖੇ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ। ਇਸ ਮੌਕੇ ਆਯੋਜਿਤ ਜਾਗਰੂਕਤਾ ਸਭਾਵਾਂ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਉੱਪਰ ਨਸ਼ੇ ਲਈ ਕੋਈ ਥਾਂ ਨਹੀਂ ਹੈ ਅਤੇ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਛੇੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਲਹਿਰ ਲੋਕਾਂ ਦੇ ਸਹਿਯੋਗ ਨਾਲ ਹੀ ਸਫਲ ਹੁੰਦੀ ਹੈ ਇਸੇ ਲਈ ਰਾਜ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਰਾਹੀਂ ਪਿੰਡ-ਪਿੰਡ ਜਾ ਕੇ ਨਸ਼ਾ ਮੁਕਤੀ ਮੁਹਿੰਮ ਵਿੱਚ ਲੋਕਾਂ ਦਾ ਸਾਥ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਨਸ਼ਾ ਪੀੜਤਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਅਤੇ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਸੱਦਾ ਵੀ ਦਿੱਤਾ।ਚੇਅਰਮੈਨ ਸੇਖਵਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਰਾਜ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਆਪਣੀ ਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਤੰਦਰੁਸਤ ਤੇ ਰੰਗਲਾ ਪੰਜਾਬ ਸਿਰਜਣ ਦਾ ਹੈ। ਜਾਗਰੂਕਤਾ ਸਭਾਵਾਂ ਦੌਰਾਨ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਦੀ ਰੋਕਥਾਮ ਲਈ ਸਹੁੰ ਵੀ ਚੁਕਵਾਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੰਚਾਂ-ਸਰਪੰਚਾਂ ਤੋਂ ਇਲਾਵਾ ਇਲਾਕੇ ਦੇ ਮੁਹਤਬਰ ਵੀ ਹਾਜ਼ਰ ਸਨ।


