ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿਖੇ ਵਿਸ਼ਵ ਵਾਤਾਵਰਨ ਦਿਵਸ-2025 ਮਨਾਇਆ ਗਿਆ

ਗੁਰਦਾਸਪੁਰ


ਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ) – ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ ਨਗਰ ਅਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੀਆਂ ਹਦਾਇਤਾਂ ਅਨੁਸਾਰ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਗੁਰਦਾਸਪੁਰ ਦੁਆਰਾ ਜ਼ਿਲ੍ਹਾ ਕਚਹਿਰੀਆਂ, ਗੁਰਦਾਸਪੁਰ ਵਿੱਚ ਅੱਜ ਵਿਸ਼ਵ ਵਾਤਾਵਰਣ ਦਿਵਸ-2025 ਮਨਾਇਆ ਗਿਆ। ਇਸ ਮੌਕੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੁਆਰਾ ਚਲਾਈ ਜਾ ਰਹੀ ‘ਪੌਦੇ ਲਗਾਉਣ ਦੀ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਵਿਖੇ ਪਾਰਕਿੰਗ ਏਰੀਆ ਵਿੱਚ ਬਹੁਤ ਵੱਡੇ ਕੂੜੇ ਦੇ ਢੇਰ ਨੂੰ ਸਾਫ਼ ਕੀਤਾ ਗਿਆ ਅਤੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਗੁਰੂ ਨਾਨਕ ਬਗੀਚੀ ਤਿਆਰ ਕੀਤੀ ਗਈ। ਇਸ ਮੌਕੇ ਗੁਰਦਾਸਪੁਰ ਸੈਸ਼ਨ ਡਵੀਜ਼ਨ ਦੇ ਸਮੂਹ ਜੱਜ ਸਾਹਿਬਾਨਾਂ ਵੱਲੋਂ ਵੱਖ-ਵੱਖ ਕਿਸਮ ਦੇ ਪੌਦੇ ਲਗਾਏ ਗਏ ਅਤੇ ਵਿਸ਼ਵ ਵਾਤਾਵਰਨ ਦਿਵਸ-2025 ਮਨਾਇਆ ਗਿਆ।  

ਇਸ ਮੌਕੇ ਜੁਡੀਸ਼ੀਅਲ ਜੱਜ ਸਾਹਿਬਾਨਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦਾ ਥੀਮ ‘ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ’ ਹੈ। ਉਨ੍ਹਾਂ ਕਿਹਾ ਕਿ ਸਾਡੇ ਗ੍ਰਹਿ ਧਰਤੀ ਉੱਪਰ ਜੇਕਰ ਜੀਵਨ ਦੀ ਹੋਂਦ ਨੂੰ ਕਾਇਮ ਰੱਖਣਾ ਹੈ ਤਾਂ ਪੌਦੇ ਲਗਾ ਕੇ ਇਸ ਗ੍ਰਹਿ ਨੂੰ ਹਰਾ-ਭਰਾ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਲਮੀ ਤਪਸ਼ ਨੂੰ ਘੱਟ ਕਰਨ ਲਈ ਵੀ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਦੇਖ-ਭਾਲ ਕਰਨੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਪਲਾਸਟਿਕ ਦੀ ਵਰਤੋਂ ਰਾਹੀਂ ਹੁੰਦੇ ਪ੍ਰਦੂਸ਼ਣ ਨੂੰ ਰੋਕਣ ਲਈ ਵੀ ਸਾਰਿਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਅਜੇ ਵੀ ਆਪਣੇ ਵਾਤਾਵਰਨ ਦੀ ਸੰਭਾਲ ਲਈ ਅੱਗੇ ਨਾ ਆਏ ਤਾਂ ਫਿਰ ਬਹੁਤ ਦੇਰ ਹੋ ਜਾਵੇਗੀ। ਸਮੂਹ ਜੱਜ ਸਾਹਿਬਾਨ ਨੇ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਜੋ ਸਾਡਾ ਵਾਤਾਵਰਨ ਸਾਫ਼ ਸੁਥਰਾ ਰਹਿ ਸਕੇ। ਇਸ ਮੌਕੇ ਉੱਪਰ ਬਾਰ ਐਸੋਸੀਏਸ਼ਨ  ਗੁਰਦਾਸਪੁਰ ਦੇ ਵਕੀਲ ਸਾਹਿਬਾਨ ਅਤੇ ਜੰਗਲਾਤ ਵਿਭਾਗ ਦੇ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *