ਡਿਪਟੀ ਕਮਿਸ਼ਨਰ ਨੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਪੌਦੇ ਲਗਾਉਣ ਦਾ ਸੱਦਾ ਦਿੱਤਾ

ਗੁਰਦਾਸਪੁਰ


ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ – ਡਿਪਟੀ ਕਮਿਸ਼ਨਰ

ਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਜੰਗਲਾਤ ਵਿਭਾਗ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਪੌਦੇ ਲਗਾ ਕੇ ਜ਼ਿਲ੍ਹਾ ਵਾਸੀਆਂ ਨੂੰ ਇਸ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਸੁਨੇਹਾ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ  ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਜ਼ਿਲ੍ਹਾ ਜੰਗਲਾਤ ਅਫ਼ਸਰ ਅਤੁਲ ਮਹਾਜਨ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ ‘ਪਲਾਸਟਿਕ ਪ੍ਰਦੂਸ਼ਣ ਖ਼ਤਮ ਕਰੋ’ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਮੋਮੀ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਜਿਸ ਵੀ ਕਾਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਸ ਦੀ ਰੋਕਥਾਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨ ਕੀਤੇ ਜਾਣ।  ਇਸ ਮੌਕੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਦੀਆਂ ਵਿਦਿਆਰਥਣਾਂ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਦਿੰਦੇ ਹੋਏ ਪੋਸਟਰ ਬਣਾਏ। ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥਣਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਹੋਰ ਕੰਮ ਕਰਨ ਦੀ ਹੱਲਾਸ਼ੇਰੀ ਦਿੱਤੀ ਗਈ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਪੌਦੇ ਲਗਾਏ ਗਏ।

Leave a Reply

Your email address will not be published. Required fields are marked *