ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦਾ ਮੁਲਾਂਕਣ ਕੀਤਾ

ਗੁਰਦਾਸਪੁਰ


ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਲਈ ਲੈਬ ਟੈੱਸਟਾਂ ਅਤੇ ਦਵਾਈਆਂ ਦੀ ਉਪਲਬਧਤਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ

ਗੁਰਦਾਸਪੁਰ, 05 ਜੂਨ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਯੋਜਨਾਵਾਂ ਦੇ ਮੁਲਾਂਕਣ ਲਈ ਅੱਜ ਜ਼ਿਲ੍ਹਾ ਸਿਹਤ ਸੋਸਾਇਟੀ ਗੁਰਦਾਸਪੁਰ ਦੇ ਮੈਂਬਰਾਂ ਨਾਲ ਵੀਡੀਓ ਕਾਨਫ਼ਰੰਸ ਜਰੀਏ ਆਨ-ਲਾਈਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਹਾਸਲ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ  ਜ਼ਿਲ੍ਹੇ ਵਿੱਚ ਨਵੇਂ ਬਣਾਏ ਜਾ ਰਹੇ ਆਮ ਆਦਮੀ ਕਲੀਨਿਕਾਂ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਫ਼ਾਇਦਾ ਮਿਲ ਸਕੇ। ਉਨ੍ਹਾਂ ਕਿਹਾ ਕਿ ਸਮੂਹ ਆਮ ਆਦਮੀ ਕਲੀਨਿਕਾਂ, ਆਯੂਸ਼ਮਾਨ ਅਰੋਗਿਆ ਕੇਂਦਰਾਂ ਵਿੱਚ ਸਰਕਾਰ ਵੱਲੋਂ ਤੈਅ ਕੀਤੇ ਸਾਰੇ ਲੈਬ ਟੈੱਸਟ ਦੀ ਸੁਵਿਧਾ ਮੁਹੱਈਆ ਕਰਵਾਈ ਜਾਵੇ ਅਤੇ ਸਰਕਾਰ ਵੱਲੋਂ ਤਹਿ ਸੂਚੀ ਅਨੁਸਾਰ ਸਾਰੀਆਂ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਪਹੁੰਚੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਡੇਂਗੂ ਅਤੇ ਮਲੇਰੀਆ ਦੀ ਰੋਕਥਾਮ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।  ਸਿਹਤ ਅਮਲੇ ਵੱਲੋਂ ਫ਼ੀਲਡ ਸਰਵੇ ਕਰਕੇ ਮੱਛਰ ਦੇ ਲਾਰਵਾ ਦੀ ਭਾਲ ਕੀਤੀ ਜਾਵੇ।  ਸਹਿਯੋਗੀ ਵਿਭਾਗਾਂ ਦੀ ਮਦਦ ਨਾਲ ਫੋਗਿੰਗ ਕਰਵਾਈ ਜਾਵੇ। ਮੀਟਿੰਗ ਦੌਰਾਨ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਸਮੂਹ ਨਗਰ ਕੌਂਸਲ ਨੂੰ ਫੋਗਿੰਗ ਲਈ ਲਿਖਿਆ ਗਿਆ ਹੈ ਅਤੇ ਰੈਪਿਡ ਕਿੱਟਾਂ ਨਾਲ ਮਲੇਰੀਆ ਆਦਿ ਦੀ ਮੌਕੇ ‘ਤੇ ਟੈਸਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਅਲਾਈਸਾ ਟੈੱਸਟ ਦੀ ਸੁਵਿਧਾ ਉਪਲਬਧ ਹੈ, ਜਿਸ ਨਾਲ ਡੇਂਗੂ ਦਾ ਪਤਾ ਲੱਗਦਾ ਹੈ। ਇਸ ਦੇ ਨਾਲ ਹੀ ਗਰਮੀ ਦੇ ਮੱਦੇਨਜ਼ਰ ਹਸਪਤਾਲਾਂ ਵਿਚ ਕੂਲ ਰੂਮ ਬਣਾਏ ਗਏ ਹਨ।
 
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਆਉਂਦੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਵਾਟਰ ਸੈਂਪਲਿੰਗ ਵਧਾਈ  ਜਾਵੇ ਅਤੇ ਸਿਹਤ ਸੰਸਥਾਵਾਂ ਵਿਚ ਓ.ਆਰ.ਐੱਸ ਦੇ ਪੈਕੇਟ ਜ਼ਰੂਰੀ ਮਾਤਰਾ ਵਿੱਚ ਉਪਲਬਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਗਰਭਵਤੀ ਮਾਵਾਂ ਦੀ ਰਜਿਸਟ੍ਰੇਸ਼ਨ 100 ਫ਼ੀਸਦੀ ਕੀਤੀ ਜਾਵੇ ਅਤੇ ਸੰਸਥਾਗਤ ਜਣੇਪਾ 100 ਫ਼ੀਸਦੀ ਕੀਤਾ ਜਾਵੇ।

ਇਸ ਮੌਕੇ ਸਿਵਲ ਸਰਜਨ ਗੁਰਦਾਸਪੁਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੜੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਲਿੰਗ ਨਿਰਧਾਰਨ ਟੈੱਸਟ ਨਾ ਹੋਵੇ। ਟੀਕਾਕਰਨ ਦੀ ਐਂਟਰੀ ਆਨਲਾਈਨ ਪੋਰਟਲ ‘ਤੇ ਵੀ ਹੋ ਰਹੀ ਹੈ।  ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਤੇਜਿੰਦਰ ਕੌਰ, ਡੀਡੀਐਚੳ ਡਾ. ਵਿਨੋਦ , ਏ.ਸੀ.ਐੱਸ. ਡਾ. ਲਲਿਤ ਮੋਹਨ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਮਤਾ, ਡਾਕਟਰ ਗੁਰਪ੍ਰੀਤ ਕੌਰ, ਡਾ. ਵੰਦਨਾ, ਡਾਕਟਰ ਇਸ਼ੀਤਾ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਫ਼ਸਰ ਹਾਜ਼ਰ ਸਨ।

Leave a Reply

Your email address will not be published. Required fields are marked *