ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ

ਗੁਰਦਾਸਪੁਰ

ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਦੀ ਜਾਂਚ ਕੀਤੀ

ਗੁਰਦਾਸਪੁਰ, 06 ਜੂਨ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲਦੀਆਂ ਸਿਹਤ ਸੇਵਾਵਾਂ ਦੀ ਜਾਂਚ ਕਰਦਿਆਂ ਓ.ਪੀ.ਡੀ., ਐਮਰਜੈਂਸੀ ਸਮੇਤ ਵੱਖ-ਵੱਖ ਵਾਰਡਾਂ, ਟੈੱਸਟ ਲੈਬਾਰਟਰੀ ਦੀ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਹਸਪਤਾਲ ਵਿਚੋਂ ਮਿਲਦੀਆਂ ਮੁਫ਼ਤ ਦਵਾਈਆਂ ਦੇ ਸਟਾਕ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਹਸਪਤਾਲ ਵਿੱਚ ਇਲਾਜ ਲਈ ਪਹੁੰਚੇ ਮਰੀਜ਼ਾਂ ਨਾਲ ਗੱਲ-ਬਾਤ ਕੀਤੀ ਅਤੇ ਜ਼ਿਲ੍ਹਾ ਹਸਪਤਾਲ ਵਿੱਚੋਂ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਉਨ੍ਹਾਂ ਦੀ ਰਾਇ ਜਾਣੀ।

ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਕ੍ਰਾਂਤੀ ਦੇ ਤਹਿਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਬੁਨਿਆਦੀ ਢਾਂਚੇ ਦਾ ਸੁਧਾਰ ਕਰਨ ਦੇ ਨਾਲ ਹੋਰ ਲੋੜਾਂ ਨੂੰ ਵੀ ਪੂਰਾ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਇੱਥੋਂ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਹਸਪਤਾਲ ਦੇ ਹਰ ਡਾਕਟਰ ਤੇ ਪੈਰਾ ਮੈਡੀਕਲ ਸਟਾਫ਼ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਡਾਕਟਰੀ ਪੇਸ਼ਾ ਇੱਕ ਬਹੁਤ ਹੀ ਸਤਿਕਾਰਤ ਅਤੇ ਸੇਵਾ ਭਾਵਨਾ ਵਾਲਾ ਕਿੱਤਾ ਹੈ ਅਤੇ ਹਸਪਤਾਲ ਦੇ ਸਮੂਹ ਸਟਾਫ਼ ਨੂੰ ਆਪਣੇ ਪੇਸ਼ੇ ਦੀਆਂ ਸ਼ਾਨਦਾਰ ਰਵਾਇਤਾਂ ਨੂੰ ਹਰ ਹੀਲੇ ਬਹਾਲ ਰੱਖਦੇ ਹੋਏ ਮਰੀਜ਼ਾਂ ਦੀ ਸੇਵਾ ਕਰਨੀ ਚਾਹੀਦੀ ਹੈ।  ਹਸਪਤਾਲ ਵਿੱਚ ਦਵਾਈਆਂ ਦੇ ਸਟਾਕ ਦੀ ਉਪਲਬਧਤਾ ਨੂੰ ਚੈੱਕ ਕਰਦਿਆਂ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਸਰਕਾਰ ਵੱਲੋਂ ਤਹਿ ਸੂਚੀ ਅਨੁਸਾਰ ਸਾਰੀਆਂ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾਉਣ ਪਹੁੰਚੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।

ਇਸ ਮੌਕੇ ਐੱਸ.ਐੱਮ.ਓ. ਡਾ. ਅਰਵਿੰਦ ਮਹਾਜਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹਾ ਹਸਪਤਾਲ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

Leave a Reply

Your email address will not be published. Required fields are marked *