ਲੁਧਿਆਣਾ , ਗੁਰਦਾਸਪੁਰ, 9 ਜੂਨ (ਸਰਬਜੀਤ ਸਿੰਘ)– ਸੀ.ਪੀ.ਐਫ. ਕਰਮਚਾਰੀ ਯੂਨੀਅਨ ਪੰਜਾਬ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਂਝੇ ਤੌਰ ਤੇ ਕੀਤੇ ਐਲਾਨ ਅਨੂਸਾਰ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪੰਜਾਬ ਦੇ ਮੁਲਾਜ਼ਮਾਂ ਵਲੋਂ ਲੁਧਿਆਣ ਵਿਚ ਝੰਡਾ ਮਾਰਚ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਪੁਨੀਤ ਸਾਗਰ ਜਿਲ੍ਹਾ ਪ੍ਰਧਾਨ, ਸੀ ਪੀ ਐਫ ਕਰਮਚਾਰੀ ਯੂਨੀਅਨ, ਗੁਰਦਾਸਪੁਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮ ਵਰਗ ਨਾਲ ਚੋਣਾਂ ‘ਚ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਦਾ ਸਭ ਤੋਂ ਵੱਡਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ 3 ਸਾਲ ਤੋਂ ਵੱਧ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਸਰਕਾਰ ਕੋਈ ਸੁਹਿਰਦਤਾ ਨਹੀਂ ਦਿਖਾ ਰਹੀ ਜਿਸ ਕਰਕੇ ਮੁਲਾਜ਼ਮ ਵਰਗ ਵਿਚ ਬਹੁਤ ਵੱਡਾ ਰੋਸ ਹੈ, ਜਿਸ ਕਰਕੇ ਪੰਜਾਬ ਭਰ ਤੋਂ ਮੁਲਾਜ਼ਮ ਸਾਥੀ ਪੰਜਾਬ ਸਰਕਾਰ ਦੇ ਝੂਠੇ ਲਾਰਿਆਂ ਅਤੇ ਝੂਠੇ ਚੋਣ ਵਾਅਦਿਆਂ ਦਾ ਪ੍ਰਚਾਰ ਲੁਧਿਆਣਾ ਚੋਣ ਹਲਕੇ ਵਿਚ ਆਮ ਲੋਕਾਂ ਵਿਚ ਕਰਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਨਾ ਪਾਉਣ ਦੀ ਅਪੀਲ ਕਰਨਗੇ। ਕਾਰਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਸਾਗਰ ਨੇ ਕਿਹਾ ਕਿ ਇਸ ਝੰਡਾ ਮਾਰਚ ਵਿੱਚ ਜਿਲ੍ਹਾ ਗੁਰਦਾਸਪੁਰ ਦੇ ਪੈਨਸ਼ਨ ਵਹੀਨ ਕਰਮਚਾਰੀ 12 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਵਿਚ ਹੋਣ ਵਾਲੇ ਪ੍ਰੋਗਰਾਮ ‘ਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨਗੇ।


