ਬਾਜਵਾ ਨੇ ਭਾਜਪਾ ‘ਤੇ ਵੰਡਪਾਊ ਸਿਆਸਤ ਕਰਨ ਦਾ ਦੋਸ਼ ਲਾਇਆ

ਪੰਜਾਬ

ਲੁਧਿਆਣਾ ‘ਚ ਮੁੱਖ ਮੰਤਰੀ ਸੈਣੀ ਦੀ ਚੋਣ ਮੁਹਿੰਮ ਦੀ ਆਲੋਚਨਾ

ਚੰਡੀਗੜ੍ਹ, ਗੁਰਦਾਸਪੁਰ, 15 ਜੂਨ (ਸਰਬਜੀਤ ਸਿੰਘ)– ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਲੁਧਿਆਣਾ ਵਿੱਚ ਚੋਣ ਪ੍ਰਚਾਰ ਲਈ ਭੇਜ ਕੇ ਪੰਜਾਬ ਦੇ ਸਮਾਜ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਤਿੱਖੀ ਆਲੋਚਨਾ ਕੀਤੀ ਹੈ। ਬਾਜਵਾ ਨੇ ਕਿਹਾ ਕਿ ਸੈਣੀ ਦੀ ਪੰਜਾਬ ਵਿੱਚ ਮੌਜੂਦਗੀ ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਸੂਬੇ ਦੀ ਏਕਤਾ ਨੂੰ ਕਮਜ਼ੋਰ ਕਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਦੀ ਯਾਦ ਦਿਵਾਉਂਦੀ ਹੈ। ਬਾਜਵਾ ਨੇ ਨਾਇਬ ਸਿੰਘ ਸੈਣੀ ਵੱਲੋਂ ਹਰਿਆਣਾ ਦੀ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਅਤੇ ਇਸ ਦੇ ਲੋਕਾਂ ‘ਤੇ ਵਾਰ-ਵਾਰ ਹਮਲੇ ਕਰਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਸ ਤ੍ਰਾਸਦੀ ਨੂੰ ਨਹੀਂ ਭੁੱਲੇ ਹਨ, ਜਿਸ ਵਿਚ ਹਰਿਆਣਾ ਪੁਲਿਸ ਨੇ ਆਪਣੇ ਜਾਇਜ਼ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਸ਼ਾਂਤਮਈ ਕਿਸਾਨਾਂ ‘ਤੇ ਗੋਲੀਆਂ ਚਲਾਈਆਂ ਸਨ। ਬਾਜਵਾ ਨੇ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਹੱਤਿਆ ਦਾ ਵੀ ਜ਼ਿਕਰ ਕੀਤਾ, ਜਿਸ ਨੂੰ ਫਰਵਰੀ 2024 ਵਿੱਚ ਖਨੌਰੀ (ਪੰਜਾਬ-ਹਰਿਆਣਾ ਸਰਹੱਦ) ‘ਤੇ ਪ੍ਰਦਰਸ਼ਨ ਦੌਰਾਨ ਹਰਿਆਣਾ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਪਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ ਅਤੇ 200 ਤੋਂ ਵੱਧ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਉਨ੍ਹਾਂ ਸੈਣੀ ‘ਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਸਹੀ ਹਿੱਸੇ ਨੂੰ ਖੋਹਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਨੇ ਸੈਣੀ ਵਰਗੇ ਨੇਤਾਵਾਂ ਰਾਹੀਂ ਪੰਜਾਬੀਆਂ ਦੇ ਕਾਨੂੰਨੀ, ਇਤਿਹਾਸਕ ਅਤੇ ਨੈਤਿਕ ਅਧਿਕਾਰਾਂ ਦੀ ਅਣਦੇਖੀ ਕਰਦਿਆਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ। ਬਾਜਵਾ ਨੇ ਕਿਹਾ ਕਿ ਅਜਿਹੇ ਕਦਮ ਸਿੱਧੇ ਤੌਰ ‘ਤੇ ਸਾਡੇ ਕਿਸਾਨਾਂ ਦੀ ਰੋਜ਼ੀ-ਰੋਟੀ ਅਤੇ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ‘ਤੇ ਹਮਲਾ ਕਰਦੇ ਹਨ। ਬਾਜਵਾ ਨੇ ਸੈਣੀ ‘ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਦੇ ਪਾਣੀਆਂ ਦੀ ਵੰਡ ਦੇ ਮੁੱਦੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਸੈਣੀ ਨੇ ਪੰਜਾਬ ‘ਤੇ ਹਰਿਆਣਾ ਨੂੰ ਪੀਣ ਵਾਲਾ ਪਾਣੀ ਦੇਣ ਤੋਂ ਵੀ ਇਨਕਾਰ ਕਰਨ ਦਾ ਦੋਸ਼ ਲਾਇਆ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਸੈਣੀ ਵੱਲੋਂ ਪੰਜਾਬੀਆਂ ਪ੍ਰਤੀ ਵਾਰ-ਵਾਰ ਅਪਮਾਨਜਨਕ ਟਿੱਪਣੀਆਂ ਕਰਨਾ ਸੂਬੇ ਪ੍ਰਤੀ ਭਾਜਪਾ ਦੇ ਡੂੰਘੇ ਪੱਖਪਾਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸੈਣੀ ਨੂੰ ਇੱਥੇ ਚੋਣ ਪ੍ਰਚਾਰ ਲਈ ਭੇਜਣਾ ਹਰ ਪੰਜਾਬੀ ਦਾ ਅਪਮਾਨ ਹੈ। ਭਾਜਪਾ ਭਾਵਨਾਵਾਂ ਭੜਕਾਉਣਾ ਚਾਹੁੰਦੀ ਹੈ, ਫਿਰਕੂ, ਖੇਤਰੀ ਅਤੇ ਜਾਤੀ ਵੰਡਾਂ ਪੈਦਾ ਕਰਨਾ ਚਾਹੁੰਦੀ ਹੈ ਤਾਂ ਜੋ ਚੋਣ ਲਾਭ ਲਈ ਭਾਵਨਾਵਾਂ ਦਾ ਫਾਇਦਾ ਉਠਾਇਆ ਜਾ ਸਕੇ। ਪਰ ਪੰਜਾਬ ਦੇ ਲੋਕ ਇਨ੍ਹਾਂ ਵੰਡਪਾਊ ਚਾਲਾਂ ਤੋਂ ਗੁੰਮਰਾਹ ਨਹੀਂ ਹੋਣਗੇ।ਪੰਜਾਬ ਦੇ ਲੋਕਾਂ ਨੂੰ ਇਕਜੁੱਟ ਰਹਿਣ ਦਾ ਸੱਦਾ ਦਿੰਦਿਆਂ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਹਮੇਸ਼ਾ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਨਿਆਂ ਲਈ ਖੜ੍ਹਾ ਰਿਹਾ ਹੈ। ਅਸੀਂ ਕਿਸੇ ਵੀ ਬਾਹਰੀ ਤਾਕਤ ਨੂੰ ਸਾਡੀ ਏਕਤਾ ਨੂੰ ਭੰਗ ਕਰਨ ਦੀ ਆਗਿਆ ਨਹੀਂ ਦੇਵਾਂਗੇ। ਪੰਜਾਬ ਪੰਜਾਬੀਆਂ ਦਾ ਹੈ ਅਤੇ ਅਸੀਂ ਹਰ ਕੀਮਤ ‘ਤੇ ਇਸ ਦੀ ਇੱਜ਼ਤ ਦੀ ਰਾਖੀ ਕਰਾਂਗੇ।

Leave a Reply

Your email address will not be published. Required fields are marked *