ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਯੋਗ ਸਮਾਗਮ

ਗੁਰਦਾਸਪੁਰ

ਆਯੁਰਵੈਦਿਕ ਵਿਭਾਗ ਅਤੇ ਸੀ.ਐੱਮ. ਦੀ ਯੋਗਸ਼ਾਲਾ ਦੇ ਯੋਗ ਮਾਹਿਰਾਂ ਨੇ ਯੋਗ ਦੇ ਗੁਰ ਦੱਸੇ

ਪੰਜਾਬ ਸਰਕਾਰ ਨੇ ਯੋਗਾ ਨੂੰ ਉਤਸ਼ਾਹਿਤ ਕਰਨ ਲਈ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਮੁਫ਼ਤ ਯੋਗਾ ਕਲਾਸਾਂ ਸ਼ੁਰੂ ਕੀਤੀਆਂ – ਰਮਨ ਬਹਿਲ

ਡਿਪਟੀ ਕਮਿਸ਼ਨਰ ਵੱਲੋਂ ਨਿਰੋਗ ਤੇ ਖ਼ੁਸ਼ਹਾਲ ਜ਼ਿੰਦਗੀ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਸੱਦਾ

ਗੁਰਦਾਸਪੁਰ, 21 ਜੂਨ 2025 (ਸਰਬਜੀਤ ਸਿੰਘ)–  11ਵੇਂ ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਯੋਗ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਕੌਮਾਂਤਰੀ ਯੋਗ ਦਿਵਸ ਸਬੰਧੀ ਅੱਜ ਸਵੇਰੇ 6:30 ਵਜੇ ਜਮਨੇਜ਼ੀਅਮ ਹਾਲ ਗੁਰਦਾਸਪੁਰ ਵਿੱਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਗੁਰਦਾਸਪੁਰ ਮਨਜੀਤ ਸਿੰਘ ਰਾਜਲਾ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ, ਸਕੱਤਰ ਜ਼ਿਲ੍ਹਾ ਪ੍ਰੀਸ਼ਦ ਜ਼ੀਨਤ ਖੈਹਿਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ, ਸਕੂਲੀ ਵਿਦਿਆਰਥੀ, ਖਿਡਾਰੀ ਅਤੇ ਗੁਰਦਾਸਪੁਰ ਦੇ ਵਸਨੀਕ ਸ਼ਾਮਲ ਹੋਏ। ਸਰਕਾਰੀ ਆਯੁਰਵੈਦਿਕ ਡਾਕਟਰ ਨਵਦੀਪ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਕੈਂਪ ਵਿੱਚ ਹਾਜ਼ਰ ਵਿਅਕਤੀਆਂ ਨੂੰ ਯੋਗ ਦੀ ਮਹੱਤਤਾ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ ਅਤੇ ਨਾਲ ਹੀ ਯੋਗਾ ਦੇ ਵੱਖ-ਵੱਖ ਆਸਣ ਕਰਵਾਏ ਗਏ।  ਸਾਰੇ ਹਾਜ਼ਰੀਨ ਵੱਲੋਂ ਬੜੇ ਉਤਸ਼ਾਹ ਨਾਲ ਯੋਗ ਆਸਣ ਕੀਤੇ ਗਏ। ਸਕੂਲੀ ਵਿਦਿਆਰਥੀਆਂ ਵਿੱਚ ਯੋਗਾ ਨੂੰ ਲੈ ਕੇ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ।

ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਵਾਸੀਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਨਿਰੋਗ ਰਹਿਣ ਲਈ ਯੋਗ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੋਗਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਹਰ ਮੁਹੱਲੇ ਤੇ ਪਿੰਡ-ਪਿੰਡ ਯੋਗਾ ਦੀਆਂ ਮੁਫ਼ਤ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਲਈ ਸਰਕਾਰ ਵੱਲੋਂ ਮਾਹਿਰ ਯੋਗਾ ਟਰੇਨਰ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਹਜ਼ਾਰਾਂ ਲੋਕ ਰੋਜ਼ਾਨਾਂ ਇਨ੍ਹਾਂ ਯੋਗਾ ਕਲਾਸਾਂ ਦਾ ਲਾਭ ਉਠਾ ਰਹੇ ਹਨ।  ਉਨ੍ਹਾਂ ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਕਰਵਾਏ ਵਿਸ਼ੇਸ਼ ਪ੍ਰੋਗਰਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਵੀ ਕੀਤੀ।

ਇਸੇ ਦੌਰਾਨ ਕੌਮਾਂਤਰੀ ਯੋਗ ਦਿਵਸ ਦੀ ਮਹੱਤਤਾ ਦੱਸਦਿਆਂ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਯੋਗਾ ਸਾਡੀ ਪ੍ਰਾਚੀਨ ਪਰੰਪਰਾ ਤੋਂ ਪ੍ਰਾਪਤ ਅਨਮੋਲ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਯੋਗ ਮਨ ਅਤੇ ਸਰੀਰ, ਸੰਜਮ ਤੇ ਪੂਰਤੀ, ਵਿਅਕਤੀ ਅਤੇ ਕੁਦਰਤ ਵਿਚਲੇ ਸੁਮੇਲ, ਵਿਚਾਰ ਅਤੇ ਕਾਰਜ ਦੀ ਏਕਤਾ ਦਾ ਪ੍ਰਗਟਾਵਾ ਕਰਦਾ ਹੈ, ਜੋ ਸਾਡੀ ਸਿਹਤ ਅਤੇ ਭਲਾਈ ਲਈ ਕੀਮਤੀ ਹੈ। ਉਨ੍ਹਾਂ ਕਿਹਾ ਕਿ ਯੋਗਾ ਕੇਵਲ ਅਭਿਆਸ ਹੀ ਨਹੀਂ, ਸਗੋਂ ਇਹ ਆਪਣੇ-ਆਪ ਵਿਚ ਸੰਸਾਰ, ਆਤਮ ਭਾਲ ਦੀ ਭਾਵਨਾ ਨੂੰ ਖੋਜਣ ਦਾ ਇੱਕ ਬਿਹਤਰੀਨ ਤਰੀਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੀ ਭੱਜ-ਦੌੜ ਦੀ ਜ਼ਿੰਦਗੀ ਵਿੱਚ ਸਾਨੂੰ ਰੋਜ਼ਾਨਾਂ ਕੁਝ ਸਮਾਂ ਆਪਣੇ ਲਈ ਜ਼ਰੂਰ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਰੋਜ਼ਾਨਾਂ ਜੀਵਨ ਵਿੱਚ ਯੋਗਾ ਜਾਂ ਇਸ ਵਰਗੀ ਕੋਈ ਹੋਰ ਗਤੀਵਿਧੀ ਨੂੰ ਸ਼ਾਮਲ ਕਰਕੇ ਤੰਦਰੁਸਤ ਜੀਵਨ ਬਸਰ ਕਰ ਸਕਦੇ ਹਾਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹਾ ਵਾਸੀਆਂ ਨੂੰ ਨਿਰੋਈ ਸਿਹਤ ਸਬੰਧੀ ਜਾਗਰੂਕ ਕਰਨ ਲਈ ਸੀ.ਐੱਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ 22 ਯੋਗ ਟਰੇਨਰਾਂ ਵੱਲੋਂ ਰੋਜ਼ਾਨਾ 119 ਯੋਗ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੀ.ਐੱਮ. ਦੀ ਯੋਗਸ਼ਾਲਾ ਨੂੰ ਜ਼ਿਲ੍ਹੇ ਦੇ ਪਿੰਡ-ਪਿੰਡ ਤੱਕ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਦੇ ਮੁਹੱਲਾ ਵਾਸੀ ਆਪਣੇ ਇਲਾਕੇ ਵਿੱਚ ਸੀ.ਐੱਮ. ਦੀ ਯੋਗਸ਼ਾਲਾ ਸ਼ੁਰੂ ਕਰਵਾਉਣਾ ਚਾਹੁੰਦੇ ਹਨ ਤਾਂ ਉਹ 7669400500 ਉੱਪਰ ਮਿਸ ਕਾਲ ਕਰ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਯੋਗਾ ਕਲਾਸਾਂ ਨਾਲ ਜੁੜ ਕੇ ਇਸ ਦਾ ਭਰਪੂਰ ਲਾਭ ਉਠਾਉਣ। ਇਸ ਯੋਗ ਸੈਸ਼ਨ ਵਿੱਚ ਸਹਾਇਕ ਸਿਵਲ ਸਰਜਨ ਡਾ. ਲਲਿਤ ਮੋਹਨ, ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸਿਮਰਨਜੀਤ ਸਿੰਘ ਰੰਧਾਵਾ, ਜ਼ਿਲ੍ਹਾ ਭੂਮੀ ਰੱਖਿਆ ਅਫ਼ਸਰ ਸ. ਹਰਚਰਨ ਸਿੰਘ ਕੰਗ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਰਾਜੇਸ਼ ਸ਼ਰਮਾ,  ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਰਘੁਬੀਰ ਸਿੰਘ ਖ਼ਾਲਸਾ, ਟਰੱਸਟੀ ਹਿਤੇਸ਼ ਮਹਾਜਨ, ਜਗਜੀਤ ਸਿੰਘ ਪਿੰਟਾ, ਸੀ.ਐੱਮ. ਦੀ ਯੋਗਸ਼ਾਲਾ ਦੇ ਟਰੇਨਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਅਤੇ ਗੁਰਦਾਸਪੁਰ ਦੇ ਵਾਸੀ ਸ਼ਾਮਿਲ ਹੋਏ।

Leave a Reply

Your email address will not be published. Required fields are marked *