ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ
ਗੁਰਦਾਸਪੁਰ, 22 ਜੂਨ (ਸਰਬਜੀਤ ਸਿੰਘ ) – ਨਸ਼ਾ ਮੁਕਤੀ ਮੋਰਚਾ ਮਾਝਾ ਦੇ ਕੋਆਰਡੀਨੇਟਰ ਸੋਨੀਆਂ ਮਾਨ ਵੱਲੋਂ ਬੀਤੇ ਕੱਲ ਗੁਰਦਾਸਪੁਰ ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਮਾਰਕਿਟ ਕਮੇਟੀ ਸ੍ਰੀ ਹਰਗੋਬਿੰਦਪੁਰ ਦੇ ਚੇਅਰਮੈਨ ਨਿਸ਼ਾਨ ਸਿੰਘ ਬੋਲੇਵਾਲ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਮਨਜੀਤ ਸਿੰਘ ਬਮਰਾਹ, ਅਰਸ਼ਦੀਪ ਸਿੰਘ, ਵੀਨੂ ਕਾਹਲੋਂ, ਅਮਰੀਕ ਸਿੰਘ ਨੰਬਰਦਾਰ, ਪ੍ਰੀਤਪਾਲ ਸਿੰਘ, ਸਤਨਾਮ ਸਿੰਘ, ਕਰਮਜੀਤ ਸਿੰਘ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ।
ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਸਥਿਤ ਸਰਕਾਰੀ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਦੇ ਦੌਰੇ ਦੌਰਾਨ ਸੋਨੀਆ ਮਾਨ ਨੇ ਨਸ਼ੇ ਛੱਡਣ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਦ੍ਰਿੜ ਇੱਛਾ ਸ਼ਕਤੀ ਅਤੇ ਸਹੀ ਇਲਾਜ ਨਾਲ ਨਸ਼ਿਆਂ ਤੋਂ ਮੁਕਤੀ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਮੁਹਿੰਮ ਲਗਾਤਾਰ ਜਾਰੀ ਹੈ ਜਿਸ ਤਹਿਤ ਜਿਥੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਓਥੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਵੀ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਵਾਲੇ ਸਾਰੇ ਨੌਜਵਾਨਾਂ ਦੇ ਪੁਨਰਵਾਸ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।


