ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ : ਅਨਿਲ ਠਾਕੁਰ

ਗੁਰਦਾਸਪੁਰ

ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਤੇ ਕਰ ਵਿਭਾਗ ਦੇ ਚੇਅਰਮੈਨ ਨੇ ਜ਼ਿਲ੍ਹੇ ਦੇ ਵਪਾਰੀਆਂ ਅਤੇ ਵੱਖ-ਵੱਖ ਐਸੋਸੀਏਸ਼ਨਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ, 27 ਜੂਨ ( ਸਰਬਜੀਤ ਸਿੰਘ ) – ਪੰਜਾਬ ਵਪਾਰ ਕਮਿਸ਼ਨ, ਆਬਕਾਰੀ ਅਤੇ ਕਰ ਵਿਭਾਗ ਦੇ ਚੇਅਰਮੈਨ ਅਨਿਲ ਠਾਕੁਰ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਪਾਰਕ ਸੰਗਠਨਾਂ ਅਤੇ ਵਪਾਰਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਸਹਾਇਕ ਟੈਕਸ ਕਮਿਸ਼ਨਰ ਸੁਮਨ ਨੰਦਾ, ਉਪ ਕਮਿਸ਼ਨਰ ਰਾਜ ਕਰ, ਅੰਮ੍ਰਿਤਸਰ ਮੰਡਲ ਸ੍ਰੀਮਤੀ ਰਾਜਵਿੰਦਰ ਕੌਰ, ਏਸੀਐਸਟੀ ਸਵਪਨਦੀਪ ਕੌਰ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਪ੍ਰਧਾਨ ਸਿਮਰਜੀਤ ਸਿੰਘ, ਸੁਗਰੀਵ ਸਿੰਘ ਜਾਇੰਟ ਸਕੱਤਰ, ਡੀ.ਸੀ.ਐੱਸ.ਟੀ., ਈ.ਟੀ.ਓ., ਇੰਸਪੈਕਟਰ ਅਤੇ ਐੱਸ.ਸੀ.ਓ. ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਅਨੁਸਾਰ, ਉਨ੍ਹਾਂ ਨੇ ਸਾਲ 2017-18 ਦੀ ਪਹਿਲੀ ਤਿਮਾਹੀ ਦੇ ਬਕਾਇਆ ਟੈਕਸ ਬਕਾਏ ਦੇ ਮਾਮਲਿਆਂ ਦੇ ਹੱਲ ਲਈ ਓਟੀਐਸ (ਵਨ ਟਾਈਮ ਸੈਟਲਮੈਂਟ) ਸਕੀਮ ਲਾਗੂ ਕਰਨ ਲਈ ਵਿੱਤ ਮੰਤਰੀ, ਪੰਜਾਬ ਨੂੰ ਸਿਫ਼ਾਰਸ਼ ਭੇਜੀ ਹੈ ਅਤੇ ਇਹ ਸਕੀਮ ਜਲਦੀ ਹੀ ਲਾਗੂ ਕਰ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਦੇ ਜੀ ਐਸ ਟੀ ਕਰ ਮਾਲੀਏ ਵਿੱਚ 62 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਸੇ ਤਰਾਂ ਆਬਕਾਰੀ ਮਾਲੀਏ ਵਿੱਚ 63 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਵਾਇਤੀ ਵੈਟ ਪ੍ਰਣਾਲੀ ਤਹਿਤ ਬਕਾਇਆਂ ਦੇ ਇਕਮੁਸ਼ਤ ਹੱਲ ਲਈ ਲਾਗੂ ਕੀਤੀ ਓ ਟੀ ਐਸ ਸਕੀਮ ਦਾ 70311 ਡੀਲਰਾਂ ਨੂੰ ਲਾਭ ਹੋਇਆ ਹੈ, ਜਿਸ ਤਹਿਤ ਉਨ੍ਹਾਂ ਨੂੰ 867 ਕਰੋੜ ਦਾ ਬਕਾਇਆ ਦੇਣਦਾਰੀਆਂ ਚ ਲਾਭ ਮਿਲਿਆ ਹੈ। ਚੇਅਰਮੈਨ ਵੱਲੋਂ ਵਪਾਰੀਆਂ ਅਤੇ ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਵਿਭਾਗੀ ਅਧਿਕਾਰੀਆਂ ਦੀ ਮਦਦ ਨਾਲ ਮੌਕੇ ‘ਤੇ ਹੀ ਹੱਲ ਕਰ ਦਿੱਤਾ ਗਿਆ। ਬਾਕੀ ਰਹਿੰਦੇ ਗੁੰਝਲਦਾਰ ਮੁੱਦਿਆਂ ਨੂੰ ਜੀਐਸਟੀ ਕੌਂਸਲ ਰਾਹੀਂ ਹੱਲ ਕਰਨ ਦਾ ਭਰੋਸਾ ਵੀ ਦਿੱਤਾ ਗਿਆ।ਠਾਕੁਰ ਨੇ ਸਾਰੇ ਵਪਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਟੈਕਸ ਅਦਾ ਕਰਨ ਵਿੱਚ ਸਹਿਯੋਗ ਕਰਨ ਤਾਂ ਜੋ ਸੂਬੇ ਦੇ ਮਾਲੀਏ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਪਾਰੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਵਚਨਬੱਧ ਹੈ।ਇਸ ਤੋਂ ਬਾਅਦ ਚੇਅਰਮੈਨ ਅਨਿਲ ਠਾਕੁਰ ਵੱਲੋਂ ਗੁਰਦਾਸਪੁਰ ਸ਼ਹਿਰ ਦੇ ਬਜ਼ਾਰ ਵਿੱਚ ਦੁਕਾਨਦਾਰਾਂ ਤੇ ਵਪਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਬੀਤੇ ਸਮੇਂ ਕੁਝ ਦੁਕਾਨਾਂ ਵਿੱਚ ਹੋਈਆਂ ਅੱਗ ਦੀਆਂ ਘਟਨਾਵਾਂ ਬਾਰੇ ਵੀ ਦੁਕਾਨਦਾਰਾਂ ਕੋਲੋਂ ਜਾਣਕਾਰੀ ਹਾਸਲ ਕੀਤੀ ਅਤੇ ਪਾਵਰਕਾਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਜ਼ਾਰਾਂ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਨੂੰ ਠੀਕ ਕਰਕੇ ਨੰਗੇ ਜੋੜਾਂ ਨੂੰ ਢੱਕਿਆ ਜਾਵੇ ਤਾਂ ਜੋ ਅੱਗੇ ਤੋਂ ਅਜਿਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

Leave a Reply

Your email address will not be published. Required fields are marked *