‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ – ਗੁਰਦੀਪ ਸਿੰਘ ਰੰਧਾਵਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਜੁਲਾਈ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਇਤਿਹਾਸਕ ਕਦਮ ਪੁੱਟਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਲਾਗੂ ਕੀਤੀ ਜਾ ਰਹੀ ਹੈ, ਜਿਸ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ ਹੁਣ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਦੀ ਸਹੂਲਤ ਮਿਲੇਗੀ। ਇਹ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿੱਥੇ ਹਰ ਪਰਿਵਾਰ 10 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦਾ ਹੱਕਦਾਰ ਹੋਵੇਗਾ।
‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਐਲਾਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਹੁਣ ਪੰਜਾਬ ਦਾ ਕੋਈ ਵੀ ਨਾਗਰਿਕ ਵਿੱਤੀ ਤੰਗੀ ਕਾਰਨ ਇਲਾਜ ਖੁਣੋਂ ਨਹੀਂ ਰਹੇਗਾ। ਉਨ੍ਹਾਂ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਸ਼ੁਰੂ ਕਰਕੇ ਸੂਬਾ ਵਾਸੀਆਂ ਨੂੰ ਇਕ ਪੈਸਾ ਖ਼ਰਚੇ ਬਿਨਾਂ ਸਾਰੀਆਂ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਇਸ ਸਕੀਮ ਅਧੀਨ ਕੋਈ ਵੀ ਨਾਗਰਿਕ ਕਿਸੇ ਵੀ ਸਰਕਾਰੀ ਹਸਪਤਾਲ ਜਾਂ ਸੂਚੀਬੱਧ ਪ੍ਰਾਈਵੇਟ ਹਸਪਤਾਲ ਵਿੱਚ ਮੁਫ਼ਤ ਇਲਾਜ ਹਾਸਲ ਕਰਵਾ ਸਕਦਾ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ‘ਆਪ’ ਨੇ ਹਮੇਸ਼ਾ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਹੈ ਤਾਂ ਜੋ ਉਹ ਜੀਵਨ ਵਿੱਚ ਸਫ਼ਲਤਾ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਪਹਿਲਾਂ ਇਕ ਪਰਿਵਾਰ ਸਿਰਫ਼ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ ਪਰ ਹੁਣ ਇਹ ਸੀਮਾ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਬਾਕੀ ਸੂਬਿਆਂ ਲਈ ਮਿਸਾਲ ਕਾਇਮ ਕੀਤੀ ਹੈ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਹੁਣ ਭਾਰਤ ਦਾ ਪਹਿਲਾ ਸੂਬਾ ਹੈ, ਜੋ ਆਪਣੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ, ਸਿੱਖਿਆ, ਬਿਜਲੀ ਅਤੇ ਬੱਸ ਯਾਤਰਾ ਮੁਹੱਈਆ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਅੱਜ ਹਰ ਖੇਤਰ, ਭਾਵੇਂ ਉਹ ਸਿੱਖਿਆ ਹੋਵੇ, ਸਿਹਤ ਹੋਵੇ ਜਾਂ ਵਿਕਾਸ, ਵਿੱਚ ਸਫ਼ਲਤਾ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਹਨ, ਜੋ ਸਾਰਿਆਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ 200 ਹੋਰ ਕਲੀਨਿਕ ਜਲਦੀ ਸਮਰਪਿਤ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਹੋਰ ਲੋਕ-ਪੱਖੀ ਅਤੇ ਵਿਕਾਸ ਮੁਖੀ ਪਹਿਲਕਦਮੀਆਂ ਜਾਰੀ ਰੱਖੇਗੀ।


