ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ

ਗੁਰਦਾਸਪੁਰ



ਸਫ਼ਾਈ ਕਰਮੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ

ਆਪਣੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਮੂਹ ਸ਼ਹਿਰ ਵਾਸੀ ਵੀ ਸਹਿਯੋਗ ਕਰਨ – ਏ.ਡੀ.ਸੀ. ਡਾ. ਬੇਦੀ

ਗੁਰਦਾਸਪੁਰ, 18 ਜੁਲਾਈ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲਿਆ ਗਿਆ।  ਨਗਰ ਕੌਂਸਲ ਗੁਰਦਾਸਪੁਰ ਤੋਂ ਸ਼ੁਰੂ ਹੋ ਕੇ ਵਧੀਕ ਡਿਪਟੀ ਕਮਿਸ਼ਨਰ ਨੇ ਗੁਰਦਾਸਪੁਰ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ, ਮੱਛੀ ਮਾਰਕਿਟ, ਹਨੂਮਾਨ ਚੌਂਕ, ਗੀਤਾ ਭਵਨ ਰੋਡ, ਡਾਕਖ਼ਾਨਾ ਚੌਂਕ ਅਤੇ ਜਹਾਜ਼ ਚੌਂਕ ਵਿੱਚ ਸਫ਼ਾਈ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਸਫ਼ਾਈ ਦਾ ਮੁਆਇਨਾ ਕੀਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਸਫ਼ਾਈ ਕਰਮੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮੀਂ ਆਪਣੀਆਂ ਬੀਟਾਂ ਵਿੱਚ ਰੋਜ਼ਾਨਾਂ ਸਫ਼ਾਈ ਕਰਨ ਅਤੇ ਘਰਾਂ ਵਿੱਚੋਂ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਕੁਲੈਕਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫ਼ਾਈ ਵਿੱਚ ਕੋਈ ਵੀ ਕੁਤਾਹੀ ਜਾਂ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।  

ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖ-ਵੱਖ ਡਸਟਬੀਨ ਲਗਾਉਣ ਅਤੇ ਸਫ਼ਾਈ ਕਰਮੀਆਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਹੋਣ ਨਾਲ ਕੂੜੇ ਦਾ ਨਿਪਟਾਰਾ ਅਸਾਨੀ ਨਾਲ ਕੀਤਾ ਜਾ ਸਕਦਾ ਹੈ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਦੀ ਸਫ਼ਾਈ ਵਿੱਚ ਪੂਰਾ ਸਹਿਯੋਗ ਕਰਨ ਅਤੇ ਸੜਕਾਂ ਕਿਨਾਰੇ ਕੂੜਾ ਬਿਲਕੁਲ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਨਾਗਰਿਕ ਬਣਦੇ ਹੋਏ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕੀਤੀ ਜਾਵੇ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਸੀਵਰੇਜ ਵਿਵਸਥਾ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਸੀਜ਼ਨ ਦੌਰਾਨ ਸੀਵਰੇਜ ਦੀ ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਬਜ਼ਾਰਾਂ ਵਿੱਚ ਹੋਏ ਨਜਾਇਜ਼ ਕਬਜ਼ਿਆਂ ਨੂੰ ਦੂਰ ਕੀਤਾ ਜਾਵੇ ਤਾਂ ਜੋ ਆਵਾਜਾਈ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।

Leave a Reply

Your email address will not be published. Required fields are marked *