ਗੁਰਦਾਸਪੁਰ, 18 ਜੁਲਾਈ 2025 ( ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਵੱਧ ਰਹੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ, ਹਰਜਿੰਦਰ ਸਿੰਘ, ਆਈ.ਏ.ਅੱੈਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ-ਪਹੀਆ ਵਾਹਨ ਚਲਾਉਣ `ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਇਹ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਫੈਸਲਾ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਲਗਾਤਾਰ ਵੱਧ ਰਹੀਆਂ ਲੁੱਟ-ਖੋਹਾਂ, ਕਤਲਾਂ, ਡਕੈਤੀਆਂ ਅਤੇ ਚੇਨ ਸਨੈਚਿੰਗ ਵਰਗੀਆਂ ਵਾਰਦਾਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਜਦੋਂ ਵੀ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾਂਦੀ ਹੈ, ਤਾਂ ਅਪਰਾਧੀਆਂ ਦੇ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢੱਕੇ ਹੁੰਦੇ ਹਨ, ਜਿਸ ਕਾਰਨ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਜਾਂਦਾ ਹੈ। ਇਸ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਕੋਈ ਵੀ ਵਿਅਕਤੀ ਆਪਣੇ ਮੂੰਹ ਨੂੰ ਕੱਪੜੇ ਨਾਲ ਢੱਕ ਕੇ ਪੈਦਲ ਚੱਲਣ ਜਾਂ ਦੋ-ਪਹੀਆ ਵਾਹਨ ਨਹੀਂ ਚਲਾਏਗਾ। ਜੇਕਰ ਕਿਸੇ ਵਿਅਕਤੀ ਨੇ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕੀਤੀ ਤਾਂ ਉਨ੍ਹਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਮਨਾਹੀ ਦਾ ਇਹ ਇਹ ਹੁਕਮ ਮਿਤੀ 18 ਜੁਲਾਈ 2025 ਤੋਂ ਮਿਤੀ 17 ਅਕਤੂਬਰ 2025 ਤੱਕ ਲਾਗੂ ਰਹੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਹ ਹੁਕਮ ਇੱਕਤਰਫਾ ਪਾਸ ਕੀਤਾ ਗਿਆ ਹੈ ਅਤੇ ਸਮੂਹ ਜਨਤਾ ਨੂੰ ਸੰਬੋਧਨ ਕੀਤਾ ਗਿਆ ਹੈ।


