ਵਿਧਾਇਕ ਰੰਧਾਵਾ ਨੇ ਹਲਕਾ ਵਾਸੀਆਂ ਨੂੰ ਨਸ਼ਾ ਮੁਕਤ ਡੇਰਾ ਬਾਬਾ ਨਾਨਕ ਦਾ ਸੱਦਾ ਦਿੱਤਾ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਮੁਕਤੀ ਯਾਤਰਾ ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਅਲੀਨੰਗਲ ਤੇ ਜੀਵਨ ਨੰਗਲ ਵਿਖੇ ਪਹੁੰਚੀ। ਇਸ ਨਸ਼ਾ ਮੁਕਤੀ ਯਾਤਰਾ ਦੀ ਅਗਵਾਈ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਨਸ਼ਾ ਮੁਕਤ ਡੇਰਾ ਬਾਬਾ ਨਾਨਕ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਅਹਿਦ ਚੁਕਾਇਆ।
ਇਸ ਮੌਕੇ ਵੱਡੀਆਂ ਜਾਗਰੂਕਤਾ ਸਭਾਵਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ, ਜਿੱਥੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਢੁਕਵਾਂ ਇਲਾਜ ਕੀਤਾ ਜਾਂਦਾ ਹੈ।
ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਇਹ ਸਖ਼ਤ ਹਦਾਇਤ ਦਿੱਤੀ ਹੈ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਸੂਰਤ ਵਿੱਚ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਕੇ ਲੋਕਾਂ ਦੇ ਘਰ ਉਜਾੜਨ ਵਾਲੇ ਨਸ਼ਾ ਤਸਕਰਾਂ ਦੇ ਘਰ ਢਾਹੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਨਸ਼ਾ ਤਸਕਰਾਂ ਨੂੰ ਫੜ੍ਹ ਕੇ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨਸ਼ਿਆਂ ਖ਼ਿਲਾਫ਼ ਇਹ ਫ਼ੈਸਲਾਕੁਨ ਯੁੱਧ ਅਵਾਮ ਦੇ ਸਹਿਯੋਗ ਨਾਲ ਜ਼ਰੂਰ ਜਿੱਤੇਗੀ।
ਇਸ ਮੌਕੇ ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਬੀ.ਡੀ.ਪੀ.ਓ. ਅਮਨਦੀਪ ਕੌਰ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਅਰਸ਼ਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰ, ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।


