ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਕੀਤੀ ਅਪੀਲ
ਗੁਰਦਾਸਪੁਰ, 22 ਜੁਲਾਈ (ਸਰਬਜੀਤ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਜੁਲਾਈ ਨੂੰ ਸਵੇਰੇ 7 ਵਜੇ ਸਵੀਮਿੰਗ ਪੂਲ, ਸਪੋਰਟਸ ਕੰਪਲੈਕਸ, ਜ਼ਿਮਨੇਜੀਅਮ ਹਾਲ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲਿਆਂ ਵਿੱਚ ਅੰਡਰ 14 ਲੜਕੇ ਤੇ ਲੜਕੀਆਂ, ਅੰਡਰ 17 ਲੜਕੇ ਤੇ ਲੜਕੀਆਂ, ਅੰਡਰ 19 ਲੜਕੇ ਤੇ ਲੜਕੀਆਂ ਦੇ 50 ਮੀਟਰ ਫਰੀ ਸਟਾਈਲ, 50 ਮੀਟਰ ਬੈਕ ਸਟਰੋਕ, 50 ਮੀਟਰ ਬਟਰ ਫਲਾਈ ਅਤੇ 50 ਮੀਟਰ ਬਰੈਸਟ ਸਟਰੋਕ ਦੇ ਮੁਕਾਬਲੇ ਹੋਣਗੇ।
ਵਧੀਕ ਡਿਪਟੀ ਕਮਿਸ਼ਨਰ ਡਾ. ਹਰਜਿੰਦਰ ਸਿੰਘ ਬੇਦੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਜੇਤੂ ਖਿਡਾਰੀ ਨੂੰ ਇਨਾਮਾਂ ਦੀ ਵੰਡ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੂੰ 3100 ਰੁਪਏ, ਦੂਸਰੇ ਸਥਾਨ ’ਤੇ ਰਹਿਣ ਵਾਲੇ ਖਿਡਾਰੀ ਨੂੰ 2100 ਰੁਪਏ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਖਿਡਾਰੀ ਨੂੰ 1100 ਰੁਪਏ ਨਗਦ ਇਨਾਮ ਤੇ ਟਰਾਫੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਗੁਰਦਾਸਪੁਰ ਵਿਖੇ 24 ਜੁਲਾਈ ਨੂੰ ਹੋ ਰਹੇ ਜ਼ਿਲ੍ਹਾ ਪੱਧਰੀ ਸਵੀਮਿੰਗ ਮੁਕਾਬਲੇ ਵਿੱਚ ਵੱਧ-ਚੜ ਕੇ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਅਤੇ ਐਂਟਰੀ ਲਈ ਦਫ਼ਤਰ, ਜ਼ਿਲ੍ਹਾ ਖੇਡ ਅਫ਼ਸਰ, ਗੁਰਦਾਸਪੁਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।


