ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ : ਚੇਅਰਮੈਨ ਰਜੀਵ ਸ਼ਰਮਾ

ਗੁਰਦਾਸਪੁਰ

ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ

ਗੁਰਦਾਸਪੁਰ, 23 ਜੁਲਾਈ (ਸਰਬਜੀਤ ਸਿੰਘ ) – ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਲੈਂਡ ਪੂਲਿੰਗ ਸਕੀਮ ਬਾਰੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਦੱਸਿਆ ਹੈ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਕਿਸਾਨ ਤੇ ਲੋਕ ਪੱਖੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ  ਲਈ ਜਾਣਬੁੱਝ ਕੇ ਇਸ ਨੀਤੀ ਬਾਰੇ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਤੋਂ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਕੀਤੀ ਜਾਵੇਗੀ ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫ਼ੈਸਲਾ ਲਿਆ ਜਾਵੇਗਾ, ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।

ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫ਼ੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ ਉੱਪਰ ਖੇਤੀ ਵੀ ਕਰਦਾ ਰਹੇਗਾ। ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਨਗਦ ਮਿਲੇਗਾ। ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ, ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਦੋ ਜਾਂ ਤਿੰਨ ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ਵਿੱਚ 10 ਫ਼ੀਸਦੀ ਵਾਧਾ ਕੀਤਾ ਜਾਵੇਗਾ।  ਇਸ ਮੌਕੇ ਮੁਖਦੇਵ ਸਿੰਘ ਜ਼ਿਲ੍ਹਾ ਮੀਡੀਆ ਇੰਚਾਰਜ ਨੇ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ਼ ਚੁਣੀਂਦਾ ਲੋਕਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਗੈਰ ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਿਤ ਕੀਤਾ ਗਿਆ, ਜਿਸ ਨਾਲ ਜਿੱਥੇ ਸ਼ਹਿਰਾਂ ਦਾ ਗੈਰ ਯੋਜਨਾਬੱਧ ਵਿਕਾਸ ਹੋਇਆ ਉੱਥੇ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਉਨ੍ਹਾਂ ਕਿਹਾ ਕਿ ਨਵੀਂ ਸਕੀਮ ਨਾਲ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ। ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਅਤੇ ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਬਲਜੀਤ ਸਿੰਘ ਖ਼ਾਲਸਾ ਵੀ ਮੌਜੂਦ ਸਨ।

Leave a Reply

Your email address will not be published. Required fields are marked *