ਚੇਅਰਮੈਨ ਰਮਨ ਬਹਿਲ ਨੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ

ਗੁਰਦਾਸਪੁਰ


1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾਣਗੇ 7 ਹੋਰ ਨਵੇਂ ਆਮ ਆਦਮੀ ਕਲੀਨਿਕ

ਗੁਰਦਾਸਪੁਰ, 24 ਜੁਲਾਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਜੀ ਬੱਸ ਅੱਡੇ ਵਿੱਚ ਨਵੇਂ ਬਣਨ ਵਾਲੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕਰਵਾਈ ਗਈ। ਪੰਜਾਬ ਸਰਕਾਰ ਵੱਲੋਂ ਇਸ ਕਲੀਨਿਕ ਦੀ ਉਸਾਰੀ ਉੱਪਰ 25 ਲੱਖ ਰੁਪਏ ਖ਼ਰਚੇ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1.75 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿੱਚ 7 ਹੋਰ ਨਵੇਂ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿਚੋਂ 5 ਆਮ ਆਦਮੀ ਕਲੀਨਿਕਾਂ ਦੀ ਉਸਾਰੀ ਦਾ ਕੰਮ ਸ਼ੁਰੂ ਹੋ ਗਿਆ ਹੈ।

ਬਹਿਲ ਨੇ ਦੱਸਿਆ ਕਿ ਇਹ ਨਵੇਂ 7 ਆਮ ਆਦਮੀ ਕਲੀਨਿਕ ਗੁਰਦਾਸਪੁਰ ਸ਼ਹਿਰ ਦੇ ਨਵੇਂ ਬੱਸ ਸਟੈਂਡ, ਗੀਤਾ ਭਵਨ, ਅੱਖਾਂ ਦਾ ਹਸਪਤਾਲ (ਨੇੜੇ ਸਰਕਾਰੀ ਆਈ.ਟੀ.ਆਈ.), ਪੀ.ਐੱਚ.ਸੀ ਘੁਰਾਲਾ, ਕਮਿਊਨਿਟੀ ਹਾਲ ਨਬੀਪੁਰ, ਕੋਰਟ ਕੰਪਲੈਕਸ ਅਤੇ ਬਾਬੋਵਾਲ ਵਿਖੇ ਬਣਾਏ ਜਾ ਰਹੇ ਹਨ।

ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਇਨ੍ਹਾਂ ਆਮ ਆਦਮੀ ਕਲੀਨਿਕਾਂ ਦੀ ਇਮਾਰਤ ਵਿੱਚ ਡਾਕਟਰ ਰੂਮ, ਫਾਰਮੇਸੀ ਰੂਮ, ਮਰੀਜ਼ਾਂ ਲਈ ਵੇਟਿੰਗ ਰੂਮ, ਇੱਕ ਐਡੀਸ਼ਨਲ ਰੂਮ ਬਣਾਏ ਜਾਣਗੇ। ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਸਮੁੱਚਾ ਫ਼ਰਨੀਚਰ, ਤਿੰਨ ਏ.ਸੀ. ਅਤੇ ਆਰ.ਓ. ਸਮੇਤ ਵਾਟਰ ਕੂਲਰ ਵੀ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਆਧੁਨਿਕ ਸਹੂਲਤਾਂ ਨਾਲ ਪੂਰੀ ਤਰ੍ਹਾਂ ਲੈਸ ਹੋਣਗੇ ਅਤੇ ਇੱਥੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ।

ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਆਪਣੀ ਸੇਵਾਵਾਂ ਦੇ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚੋਂ 25 ਲੱਖ ਤੋਂ ਵੱਧ ਨਾਗਰਿਕ ਇਲਾਜ ਸਹੂਲਤਾਂ ਲੈ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈੱਸਟਾਂ ਦੀ ਮੁਫ਼ਤ ਸਹੂਲਤ ਉਪਲਬਧ ਹੈ ਅਤੇ 103 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਬੀਤੇ ਤਿੰਨ ਸਾਲਾਂ ਦੇ ਸਮੇਂ ਦੌਰਾਨ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣ ਲਈ ਪੂਰੀ ਸੁਹਿਰਦਤਾ ਨਾਲ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਵੀ ਜਲਦੀ ਹੀ ਨਵੇਂ ਪ੍ਰੋਜੈਕਟ ਸ਼ੁਰੂ ਹੋ ਜਾਣਗੇ ਜੋ ਸਮੁੱਚੇ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ। ਸ੍ਰੀ ਬਹਿਲ ਨੇ ਸਿਹਤ ਖੇਤਰ ਵਿੱਚ ਸੁਧਾਰਾਂ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕੀਤਾ ਹੈ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਐਕਸੀਅਨ ਬਲਦੇਵ ਸਿੰਘ ਬਾਜਵਾ, ਸਰਪੰਚ ਗੁਰਜੀਵ ਸਿੰਘ ਬੱਬਰੀ, ਸਰਪੰਚ ਜਗਦੀਪ ਸਿੰਘ, ਸਰਪੰਚ ਅਮਨਦੀਪ ਸਿੰਘ, ਸਰਪੰਚ ਜਤਿੰਦਰਪਾਲ ਸਿੰਘ, ਜੋਤੀ ਹੱਲਾ ਅਤੇ ਬਲਾਕ ਪ੍ਰਧਾਨ ਰਣਜੀਤ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *