ਕੱਲ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 104643 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ ) – ਜ਼ਿਲ੍ਹਾ ਗੁਰਦਾਸਪੁਰ ਦੀਆਂ 94 ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਬੀਤੀ 12 ਅਕਤੂਬਰ ਦੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕੁੱਲ 115152 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋਂ 104643 ਮੀਟ੍ਰਿਕ ਟਨ ਝੋਨਾ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਖਰੀਦ ਏਜੰਸੀ ਪਨਗ੍ਰੇਨ ਵੱਲੋਂ 39242 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 26478 ਮੀਟ੍ਰਿਕ ਟਨ, ਪਨਸਪ ਵੱਲੋਂ 20140 ਮੀਟ੍ਰਿਕ ਟਨ ਅਤੇ ਐੱਫ.ਸੀ.ਆਈ ਵੱਲੋਂ 5 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਜ਼ੋਰਾਂ ’ਤੇ ਸ਼ੁਰੂ ਕੀਤਾ ਗਿਆ ਹੈ ਅਤੇ 29236 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਫਸਲ ਨੂੰ ਸੁਕਾ ਕੇ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਰਾਤ ਵੇਲੇ ਅਤੇ ਤੜਕਸਾਰ ਫਸਲ ਦੀ ਕਟਾਈ ਨਾ ਕੀਤੀ ਜਾਵੇ, ਕਿਉਂਕਿ ਇਸ ਸਮੇਂ ਦੌਰਾਨ ਕੀਤੀ ਕਟਾਈ ਨਾਲ ਨਮੀ ਜ਼ਿਆਦਾ ਹੁੰਦੀ ਹੈ ਅਤੇ ਕਿਸਾਨ ਨੂੰ ਨਮੀ ਵਾਲੀ ਫਸਲ ਸੁੱਕਣ ਤੱਕ ਮੰਡੀਆਂ ਵਿਚ ਰਹਿਣਾ ਪੈਂਦਾ ਹੈ। ਉੁਨਾਂ ਦੱਸਿਆ ਕਿ ਜ਼ਿਲੇ ਅੰਦਰ ਕੁਲ 94 ਮੰਡੀਆਂ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਵੀ ਕੀਤੀ ਹੈ।