ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਲਈ ਲੋਕ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਕਰ ਸਕਦੇ ਹਨ ਸੰਪਰਕ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 29 ਜੁਲਾਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਪਿੰਡ ਮੋਮਨਪੁਰ, ਲੋਪਾ, ਰੋਸਾ, ਬਰੀਲਾ ਖ਼ੁਰਦ, ਪਕੀਵਾਂ ਤੇ ਧੀਦੋਵਾਲ ਖ਼ੁਰਦ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਧਕੇਲਣ ਲਈ ਕੋਈ ਕਸਰ ਨਹੀਂ ਛੱਡੀ, ਪਰ ਹੁਣ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਤੌਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਫੜਿਆ ਜਾ ਰਿਹਾ ਹੈ ਤੇ ਜੇਲ੍ਹਾਂ ਵਿੱਚ ਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਹਿਯੋਗ ਨਾਲ ਨਸ਼ੇ ਦੀ ਭੈੜੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ।
ਵਿਧਾਇਕ ਰੰਧਾਵਾ ਨੇ ਕਿਹਾ ਕਿ ਜੋ ਵੀ ਨੌਜਵਾਨ ਨਸ਼ੇ ਦੀ ਬਿਮਾਰੀ ਦੀ ਲਪੇਟ ਵਿੱਚ ਆ ਚੁੱਕੇ ਹਨ, ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ, ਬਲਕਿ ਪੰਜਾਬ ਸਰਕਾਰ ਉਨ੍ਹਾਂ ਮੁਫ਼ਤ ਇਲਾਜ ਕਰਵਾ ਰਹੀ ਹੈ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕਦਾ ਹੈ। ਉਹ ਪੁਲਿਸ ਤੇ ਉਨ੍ਹਾਂ ਨੂੰ ਨਸ਼ਾ ਤਸਕਰਾਂ ਬਾਰੇ ਦੱਸਣ ਤਾਂ ਜੋ ਜਲਦੀ ਤੋਂ ਜਲਦੀ ਨਸ਼ਾ ਤਸਕਰਾਂ ਨੂੰ ਫੜਿਆ ਜਾ ਸਕੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਜਾਰੀ ਵਟਸਐਪ ਨੰਬਰ 97791-00200 ਤੇ ਵੀ ਨਸ਼ਾ ਤਸਕਰਾਂ ਦੀ ਸੂਚਨਾ ਦੇ ਸਕਦੇ ਹਨ। ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਤੇ ਪਹਿਚਾਣ ਗੁਪਤ ਰੱਖੀ ਜਾਵੇਗੀ।


