ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਲੋਕ ਮਿਲਣੀ ਤਹਿਤ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ

ਗੁਰਦਾਸਪੁਰ


ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗੀ – ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 04 ਅਗਸਤ (ਸਰਬਜੀਤ ਸਿੰਘ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਕੈਂਪ ਆਫ਼ਿਸ ਵਿਖੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਹਲਕਾ ਵਾਸੀਆਂ ਦੇ ਨਾਲ ਹਨ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰਦਿਆਂ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਦੇਸ਼ ਵਿੱਚ ਪੰਜਾਬ ਪਹਿਲਾ ਸੂਬਾ ਹੋਵੇਗਾ ਜੋ ਆਪਣੇ ਹਰੇਕ ਪਰਿਵਾਰ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਦੇਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੈਨੀਫੈਸਟੋ ਵਿੱਚ ਸਿਹਤ ਖੇਤਰ ਦਾ ਜ਼ਿਕਰ ਤੱਕ ਨਹੀਂ ਹੁੰਦਾ ਸੀ ਜਿਸ ਕਰਕੇ ਲੋਕਾਂ ਨੂੰ ਉਨ੍ਹਾਂ ਦੇ ਰਹਿਮੋ-ਕਰਮ ਉੱਤੇ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਹਾਲਾਤ ਇੱਥੋਂ ਤੱਕ ਪਹੁੰਚ ਗਏ ਸਨ ਕਿ ਪਿੰਡਾਂ ਵਿੱਚ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ ਇਲਾਜ ਕਰਵਾਉਣਾ ਹੀ ਨਹੀਂ ਚਾਹੁੰਦੇ ਸਨ ਕਿਉਂਕਿ ਇਲਾਜ ਮਹਿੰਗਾ ਹੋਣ ਕਰਕੇ ਉਹ ਆਪਣੇ ਪਰਿਵਾਰਾਂ ਨੂੰ ਕਰਜ਼ਾਈ ਨਹੀਂ ਦੇਖਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਫ਼ਤ ਦੇਣਾ ਸਰਕਾਰਾਂ ਦਾ ਫ਼ਰਜ਼ ਹੁੰਦਾ ਹੈ ਅਤੇ ਮਾਨ ਸਰਕਾਰ ਸਮਰਪਣ ਭਾਵਨਾ ਨਾਲ ਇਹ ਫ਼ਰਜ਼ ਨਿਭਾ ਰਹੀ ਹੈ।

ਮੁਫ਼ਤ ਘਰੇਲੂ ਬਿਜਲੀ ਦੀ ਸਹੂਲਤ ਨੂੰ ਆਮ ਲੋਕਾਂ ਦੇ ਜੀਵਨ ਵਿੱਚ ਵੱਡਾ ਪਰਿਵਰਤਨ ਦੱਸਦਿਆਂ ਵਿਧਾਇਕ  ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਵਿੱਚ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ ਜਿਸ ਨਾਲ ਲੋਕਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਸਰਕਾਰੀ ਸੰਸਥਾਵਾਂ ਵਿੱਚ ਵਿਸ਼ਵਾਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿੱਚ ਬਹੁਤ ਸਾਰੇ ਬੱਚੇ ਪ੍ਰਾਈਵੇਟ ਸਕੂਲਾਂ ਵਿੱਚੋਂ ਹਟ ਕੇ ਆਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਸਕੂਲਾਂ ਦੇ 208 ਬੱਚਿਆਂ ਨੇ ਜੇ.ਈ.ਈ. ਐਡਵਾਂਸ ਦਾ ਔਖਾ ਇਮਤਿਹਾਨ ਪਾਸ ਕੀਤਾ ਹੈ ਅਤੇ 800 ਤੋਂ ਵੱਧ ਬੱਚੇ ਨੀਟ ਦਾ ਪੇਪਰ ਪਾਸ ਕਰਨ ਵਿੱਚ ਸਫਲ ਹੋਏ ਹਨ।

ਸੜਕ ਸੁਰੱਖਿਆ ਫੋਰਸ (ਐੱਸ.ਐੱਸ.ਐਫ.) ਨੂੰ ਅਨਮੋਲ ਜ਼ਿੰਦਗੀਆਂ ਬਚਾਉਣ ਵਾਲੀ ਫੋਰਸ ਦੱਸਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਫੋਰਸ ਦੇ ਬਣਨ ਨਾਲ ਸੈਂਕੜੇ ਜਾਨਾਂ ਬਚੀਆਂ ਹਨ। ਉਨ੍ਹਾਂ ਦੱਸਿਆ ਕਿ ਐੱਸ.ਐੱਸ.ਐਫ. ਦੇ ਬਣਨ ਨਾਲ 48 ਫ਼ੀਸਦੀ ਦੀ ਕਮੀ ਆਈ ਹੈ ਜੋ ਦੂਜੇ ਸੂਬਿਆਂ ਲਈ ਵੀ ਮਿਸਾਲ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਫੋਰਸ ਵਿੱਚ ਵਿਸ਼ੇਸ਼ ਤੌਰ ‘ਤੇ ਭਰਤੀ ਅਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ, ਜਿਨ੍ਹਾਂ ਵਿੱਚ ਔਰਤਾਂ ਵੀ ਸ਼ਾਮਲ ਹਨ ਅਤੇ ਇਹ ਫੋਰਸ 144 ਆਧੁਨਿਕ ਵਾਹਨਾਂ ਨਾਲ ਲੈਸ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਕਈ ਰਾਜਾਂ ਤੇ ਇੱਥੋਂ ਤੱਕ ਕਿ ਭਾਰਤ ਸਰਕਾਰ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।

Leave a Reply

Your email address will not be published. Required fields are marked *