ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਨੂਰੋਵਾਲੀ ਤੇ ਢੀਂਡਸਾ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 06 ਅਗਸਤ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਨਸ਼ਾ ਮੁਕਤੀ ਯਾਤਰਾ ਦਿਨੋਂ-ਦਿਨ ਲੋਕ ਲਹਿਰ ਬਣਦੀ ਜਾ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾਵੇਗਾ।
ਇਹ ਐਲਾਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬੀਤੀ ਸ਼ਾਮ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਨੂਰੋਵਾਲੀ ਤੇ ਢੀਂਡਸਾ ਵਿਖੇ ਪਿੰਡਾਂ ਦੇ ਪਹਿਰੇਦਾਰਾਂ ਨਾਲ ਕੀਤੀਆਂ ਬੈਠਕਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਵੱਡੇ ਪੱਧਰ’ ਤੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਗਿਆ ਹੈ ਅਤੇ ਨਸ਼ਾ ਵੇਚ ਕੇ ਬਣਾਈਆਂ ਉਨ੍ਹਾਂ ਦੀ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਹਿ-ਢੇਰੀ ਕੀਤਾ ਗਿਆ ਹੈ।
ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛਡਾਇਆ ਜਾਵੇਗਾ ਅਤੇ ਨਾਲ ਹੀ ਉਸ ਦਾ ਪੁਨਰਵਾਸ ਵੀ ਕੀਤਾ ਜਾਵੇਗਾ। ਨਸ਼ਾ ਮੁਕਤੀ ਯਾਤਰਾ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਸਮਗਰੀ ਵੰਡੀ ਗਈ। ਇਸ ਮੌਕੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪਿੰਡਾਂ ਦੇ ਵਸਨੀਕਾਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।


