ਡੇਰਾ ਬਾਬਾ ਨਾਨਕ/ਗੁਰਦਾਸਪੁਰ, 12 ਅਗਸਤ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਭਗਵਾਨਪੁਰ, ਦੋਲੋਵਾਲ ਅਤੇ ਦਰਗਾਬਾਦ ਵਿਖੇ ਪਹੁੰਚੀ।
ਲੋਕਾਂ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਹੋਣ ਦਾ ਹੋਕਾ ਦਿੰਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਾਡੀ ਨਸ਼ਿਆਂ ਵਿਰੁੱਧ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦ ਤੱਕ ਸੂਬੇ ਚੋਂ ਨਸ਼ਿਆਂ ਦਾ ਪੂਰਨ ਤੌਰ ’ਤੇ ਖ਼ਾਤਮਾ ਨਹੀਂ ਹੋ ਜਾਂਦਾ। ਪਿੰਡ ਭਗਵਾਨਪੁਰ, ਦੋਲੋਵਾਲ ਅਤੇ ਦਰਗਾਬਾਦ ਦੇ ਵਸਨੀਕਾਂ ਨੂੰ ਨਸ਼ਿਆਂ ਖ਼ਿਲਾਫ਼ ਲਾਮਬੰਦ ਕਰਦਿਆਂ ਵਿਧਾਇਕ ਰੰਧਾਵਾ ਨੇ ਕਿਹਾ ਕਿ ਹੁਣ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਜਿਸ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਹੁਣ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਵਿੱਚ ਨਸ਼ੇ ਦਾ ਖ਼ਾਤਮਾ ਕਰਨਾ ਹੈ ਅਤੇ ਜਿਹੜੇ ਨੌਜਵਾਨ ਨਸ਼ਿਆਂ ਦੀ ਲਪੇਟ ‘ਚ ਹਨ ਉਨ੍ਹਾਂ ਨੂੰ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਸਿਹਤਮੰਦ, ਸਸ਼ਕਤ ਅਤੇ ਉੱਜਵਲ ਭਵਿੱਖ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸ ਦੇ ਲਈ ਜ਼ਮੀਨੀ ਪੱਧਰ ‘ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ। ਜਿਸ ਲਈ ਵਾਰਡ ਤੇ ਵਿਲੇਜ਼ ਡਿਫੈਂਸ ਕਮੇਟੀਆਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ| ਇਸ ਮੌਕੇ ‘ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਕਿਹਾ ਕੀ ਨਸ਼ਾ ਮੁਕਤੀ ਯਾਤਰਾ ਅਗਲੇ ਦਿਨਾਂ ’ਚ ਇਸੇ ਤਰ੍ਹਾਂ ਜਾਰੀ ਰਹੇਗੀ, ਤਾਂ ਜੋ ਪੂਰੇ ਖੇਤਰ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਿਆ ਜਾ ਸਕੇ। ਇਸ ਦੌਰਾਨ ਸਥਾਨਕ ਲੋਕਾਂ ਨੂੰ ਆਪਣੇ ਇਲਾਕੇ ‘ਚ ਨਸ਼ਾ ਨਾ ਵਿਕਣ ਦੇਣ ਅਤੇ ਉਨ੍ਹਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਪ੍ਰਤੀ ਸਹੁੰ ਵੀ ਚੁਕਾਈ। ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਲਕਾ ਕੋਆਰਡੀਨੇਟਰ ਪਲਵਿੰਦਰ ਸਿੰਘ ਘਣੀਆ, ਤਹਿਸੀਲਦਾਰ ਡੇਰਾ ਬਾਬਾ ਨਾਨਕ ਲਛਮਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।


