ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਤੋਂ ਖਰੀਦ ਸਬੰਧੀ ਲਈ ਫੀਡਬੈਕ
ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ) – ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿੱਚ ਪਹੁੰਚ ਕੇ ਝੋਨੇ ਦੀ ਖਰੀਦ ਦਾ ਜਾਇਜਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ, ਉੱਘੇ ਜਨਤਕ ਆਗੂ ਸ਼ਮਸ਼ੇਰ ਸਿੰਘ, ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀਮਤੀ ਅਮਨਦੀਪ ਕੌਰ ਘੁੰਮਣ, ਤਹਿਸੀਲਦਾਰ ਜਗਤਾਰ ਸਿੰਘ, ਡੀ.ਐੱਫ.ਐੱਸ.ਈ. ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।
ਝੋਨੇ ਦੀ ਚੱਲ ਰਹੀ ਖਰੀਦ ਉੱਪਰ ਤਸੱਲੀ ਜ਼ਾਹਰ ਕਰਦਿਆਂ ਖੁਰਾਕ, ਸਿਵਲ ਸਪਲਾਈ ਤੇ ਖਪਤਾਕਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿਚੋਂ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਤੇ ਤੋਲ ’ਤੇ ਖਰੀਦਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਫਸਲ ਦੀ ਖਰੀਦ ਦੇ ਜੋ ਪ੍ਰਬੰਧ ਕੀਤੇ ਗਏ ਹਨ ਉਸ ਤੋਂ ਕਿਸਾਨ ਤੇ ਮਜ਼ਦੂਰ ਵੀ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਨੂੰ ਫਸਲ ਵੇਚਣ ਲਈ ਮੰਡੀ ਵਿੱਚ ਇੰਤਜ਼ਾਰ ਨਹੀਂ ਕਰਨਾ ਪੈਂਦਾ।
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ 18.5 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ ਅਤੇ 17 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਤੇਜ਼ੀ ਨਾਲ ਚੱਲ ਰਹੀ ਹੈ ਜਿਸ ਵਿਚੋਂ 7.50 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਜਾਂਦੇ ਝੋਨੇ ਦੀ ਰੋਜ਼ਾਨਾਂ 1943 ਕਰੋੜ ਰੁਪਏ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਰਹੀ ਹੈ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਫਸਲ ਦੀ ਅਦਾਇਗੀ ਕੇਵਲ ਦੋ ਘੰਟਿਆਂ ਵਿੱਚ ਹੀ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 13 ਸਾਲਾਂ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ।
ਕੈਬਨਿਟ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨ ਸੇਵਾ ਕੇਂਦਰ ਸਥਾਪਤ ਕੀਤੇ ਗਏ ਹਨ। ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੈਡੀਕਲ ਕੈਂਪ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ ਅਤੇ ਝੋਨਾ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਪੂਰੀ ਤਰ੍ਹਾਂ ਪੱਕਣ ’ਤੇ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਅਤੇ ਕੰਮ ਕਰ ਰਹੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਖਰੀਦ ਸਬੰਧੀ ਉਨ੍ਹਾਂ ਫੀਡਬੈਕ ਲਈ।