ਬਰਨਾਲਾ, ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)- ਬਠਿੰਡਾ ਜ਼ਿਲ੍ਹੇ ਵਿੱਚ ਪੈਂਦੇ ਥਾਣਾ ਨਹੀਆਂ ਵਾਲਾ ਦੇ ਪਿੰਡ ਗੰਗਾ ਅਬਲੂਕੀ ਵਿਖੇ ਕੱਲ੍ਹ ਮਜ਼ਦੂਰ ਆਗੂਆਂ ਨਾਲ਼ ਓਥੋਂ ਦੀ ਸਰਪੰਚ ਛਿੰਦਰਪਾਲ ਕੌਰ ਦੇ ਮੁੰਡੇ ਅਮ੍ਰਿਤਪਾਲ ਸਿੰਘ ਅਤੇ ਛੇ -ਸੱਤ ਹੋਰਨਾਂ ਲੱਠ ਮਾਰਾਂ ਵੱਲੋਂ ਸਰਪੰਚੀ ਦੇ ਨਸ਼ੇ ਵਿੱਚ ਪਿੰਡ ਵਿੱਚ ਮਜ਼ਦੂਰਾਂ ਦੀ ਮੀਟਿੰਗ ਕਰਵਾਉਣ ਗਏ ਮਜ਼ਦੂਰ ਆਗੂਆਂ ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਗੁਰਮੀਤ ਸਿੰਘ ਨਾਲ਼ ਬੇਹੱਦ ਮਾੜਾ ਸਲੂਕ ਕੀਤਾ ਗਿਆ ਅਤੇ ਗਾਲੀ ਗਲੋਚ ਕਰਨ ਤੋਂ ਬਾਅਦ ਪਿੰਡ ਵਿੱਚੋਂ ਚਲੇ ਜਾਣ ਦੀਆਂ ਧਮਕੀਆਂ ਦਿੱਤੀਆਂ ਗਈਆਂ।ਬਰਨਾਲਾ ਜ਼ਿਲ੍ਹੇ ਦੀਆਂ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਅੱਜ ਇਥੇ ਤਰਕਸ਼ੀਲ ਭਵਨ ਵਿਖੇ ਇੱਕ ਮੀਟਿੰਗ ਕੀਤੀ ਗਈ ਅਤੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਲਾਭ ਸਿੰਘ ਅਕਲੀਆ, ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਖੁਸ਼ੀਆ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਭੋਲਾ ਸਿੰਘ ਕਲਾਲਮਾਜਰਾ ਅਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾਈ ਆਗੂ ਮੱਖਣ ਸਿੰਘ ਰਾਮਗੜ੍ਹ ਆਦਿ ਆਗੂਆਂ ਵੱਲੋਂ ਇਸ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ‘ਅਖੌਤੀ ਇਨਕਲਾਬੀ’ ਸਰਕਾਰ ਵੱਲੋਂ ਮਨਰੇਗਾ ਨਾਲ ਸਬੰਧਤ ਸਾਰੇ ਕੰਮ ਬੰਦ ਕਰ ਦਿੱਤੇ ਹਨ ਅਤੇ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਦਾ ਗੁਜ਼ਾਰਾ ਚਲਾਉਣਾ ਔਖਾ ਹੋ ਗਿਆ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਕਾਰਨ ਮਜ਼ਦੂਰਾਂ ਦੀ ਹਾਲਤ ਪਹਿਲਾਂ ਹੀ ਬਦ ਤੋਂ ਬਦਤਰ ਹੋਈ ਪਈ ਹੈ।ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਪ੍ਰਵਾਨ ਚੜ੍ਹਾਉਣ ਲਈ ਭਗਵੰਤ ਮਾਨ ਸਰਕਾਰ ਪੱਬਾਂ ਭਾਰ ਹੋਈ ਪਈ ਹੈ। ਜਿਸਨੇ ਇੱਕ ਸਦੀ ਤੋਂ ਚੱਲ ਰਿਹਾ 8 ਘੰਟੇ ਦਿਹਾੜੀ ਦਾ ਕਾਨੂੰਨ ਖ਼ਤਮ ਕਰਕੇ 12 ਘੰਟੇ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੋਇਆ ਹੈ। ਜਿਸ ਨੂੰ ਮਜ਼ਦੂਰ ਜਮਾਤ ਕਦੇ ਵੀ ਲਾਗੂ ਨਹੀਂ ਹੋਣ ਦੇਵੇਗੀ। ਇਹਨਾਂ ਗ਼ਰੀਬ ਮਾਰੂ ਨੀਤੀਆਂ ਦੇ ਖ਼ਿਲਾਫ਼ ਪੰਜਾਬ ਦੀਆਂ ਸਾਰੀਆਂ ਮਜ਼ਦੂਰ ਹਿਤੈਸ਼ੀ ਜਥੇਬੰਦੀਆਂ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਤਿੱਖਾ ਵਿਰੋਧ ਕਰ ਰਹੀਆਂ ਹਨ। ਪਰ ਗੰਗਾ ਪਿੰਡ ਦੇ ਸਰਪੰਚ ਵੱਲੋਂ ਮਜ਼ਦੂਰ ਆਗੂਆਂ ਨੂੰ ਮੀਟਿੰਗ ਕਰਨ ਤੋਂ ਰੋਕਣਾ ਬੇਹੱਦ ਘਨੌਣੀ ਹਰਕਤ ਹੈ ਅਤੇ ਇਸ ਵਿੱਚੋਂ ਜਗੀਰੂ ਹੈਂਕੜ ਦੀ ਬੋ ਆ ਰਹੀ ਹੈ। ਆਗੂਆਂ ਨੇ ਕਿਹਾ ਕਿ ਆਪਣੇ ਹੱਕਾਂ ਲਈ ਇਕੱਠੇ ਹੋਣਾ ਹਰ ਇੱਕ ਦਾ ਸੰਵਿਧਾਨਕ ਅਤੇ ਜਮਹੂਰੀ ਹੱਕ ਹੈ ਅਤੇ ਸਰਕਾਰ ਦੀਆਂ ਗ਼ਲਤ ਨੀਤੀਆਂ ਦੇ ਖ਼ਿਲਾਫ਼ ਅੰਦੋਲਨ ਕਰਨਾ ਹਰ ਇੱਕ ਨੂੰ ਆਜ਼ਾਦੀ ਹੈ। ਆਗੂਆਂ ਨੇ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਘਟਨਾ ਵਿੱਚ ਸਬੰਧਤ ਅੰਮ੍ਰਿਤਪਾਲ ਸਮੇਤ ਸਾਰੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਮਜ਼ਦੂਰ ਆਗੂਆਂ ਨੂੰ ਇਨਸਾਫ਼ ਦਿਵਾਇਆ ਜਾਵੇ।


