ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ – ਜਲ ਸਰੋਤ ਮੰਤਰੀ

ਗੁਰਦਾਸਪੁਰ

ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਹੁਸ਼ਿਆਰਪੁਰ ਤੇ ਗੁਰਦਾਸਪੁਰ ਦਾ ਦੌਰਾ

ਗੁਰਦਾਸਪੁਰ, 25 ਅਗਸਤ (ਸਰਬਜੀਤ ਸਿੰਘ)– ਸੂਬੇ ਦੇ ਜਲ ਸਰੋਤ ਮੰਤਰੀ  ਬਰਿੰਦਰ ਕੁਮਾਰ ਗੋਇਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਵਰਸੋਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਤੇ ਗੁਰਦਾਸਪੁਰ ਵਿੱਚ ਦਰਿਆ ਕੰਢੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਢੁਕਵਾਂ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਰਹੀ ਬਾਰਸ਼ ਕਾਰਨ ਸੂਬੇ ਵਿੱਚ ਇਹ ਸਥਿਤੀ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਇਸ ਗੰਭੀਰ ਸੰਕਟ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਲੋਕਾਂ ਨੂੰ ਹੋਏ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਵਿਸ਼ੇਸ਼ ਗਿਰਦਾਵਰੀ ਨਿਰਪੱਖ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।

ਇਸੇ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਦੇ ਪਾਣੀਆਂ ਉੱਪਰ ਗੈਰ ਕਾਨੂੰਨੀ ਢੰਗ ਨਾਲ ਆਪਣਾ ਦਾਅਵਾ ਕਰਨ ਵਾਲੇ ਗੁਆਂਢੀ ਰਾਜਾਂ ਨੇ ਪੰਜਾਬ ਦੇ ਹੱਕ ਵਿੱਚ ਹਾਅ ਦਾ ਨਾਅਰਾ ਵੀ ਨਹੀਂ ਮਾਰਿਆ। ਉਨ੍ਹਾਂ ਕਿਹਾ ਕਿ ਇਸ ਵਕਤ ਰਿਪੇਰੀਅਨ ਰਾਜ ਹੋਣ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਆਪ ਝੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੀ ਸਾਰੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦਾ ਪਾਣੀ ਖੋਹਣ ਦੀ ਗੱਲ ਹੁੰਦੀ ਹੈ ਤਾਂ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਰਾਜਾਂ ਦੀ ਪਿੱਠ ਉੱਪਰ ਖੜ੍ਹ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜਨ ਕਿਉਂ ਨਹੀਂ ਆਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਨੂੰ ਨਜਿੱਠਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।

Leave a Reply

Your email address will not be published. Required fields are marked *