ਪੱਟੀ : ਬਾਜਵਾ ਨੇ 50,000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ ਕੀਤੀ
ਸੁਲਤਾਨਪੁਰ ਲੋਧੀ, ਗੁਰਦਾਸਪੁਰ, 27 ਅਗਸਤ ( ਸਰਬਜੀਤ ਸਿੰਘ)– ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ‘ਹੈਰਾਨ ਕਰਨ ਵਾਲੀ ਗ਼ੈਰਹਾਜ਼ਰੀ’ ‘ਤੇ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਕਿਸਾਨਾਂ ਲਈ ਤੁਰੰਤ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਜ਼ੋਰਦਾਰ ਮੰਗ ਕੀਤੀ, ਜਿਨ੍ਹਾਂ ਦੀਆਂ ਫ਼ਸਲਾਂ ਪੂਰੀ ਤਰ੍ਹਾਂ ਤਬਾਹ ਹੋ ਗਈਆਂ ਹਨ। ਸੁਲਤਾਨਪੁਰ ਲੋਧੀ ਦੇ ਤਬਾਹ ਹੋਏ ਇਲਾਕੇ ਦਾ ਦੌਰਾ ਕਰਦਿਆਂ ਬਾਜਵਾ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਅਰਵਿੰਦ ਕੇਜਰੀਵਾਲ ਨੇ ਖ਼ੁਦ ਕਦੇ ਦਿੱਲੀ ਵਿੱਚ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਦਾਅਵਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਕਠਪੁਤਲੀ ਖੇਡਣਾ ਬੰਦ ਕਰ ਦੇਣ ਅਤੇ ਆਪਣੇ ਬੋਸ ਦੀਆਂ ਗੱਲਾਂ ‘ਤੇ ਚੱਲਣਾ ਸ਼ੁਰੂ ਕਰ ਦੇਣ। ਸੀਨੀਅਰ ਕਾਂਗਰਸੀ ਆਗੂ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਮਾਨ ਨੇ ਪਹਿਲਾਂ ਸਰਵੇਖਣ ਕਰਵਾਉਣ ਤੋਂ ਪਹਿਲਾਂ ਹੀ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਹੁਣ ਆਪਣੇ ਵਾਅਦੇ ਨੂੰ ਪੂਰਾ ਕਰਨ ਦਾ ਸਮਾਂ ਆ ਗਿਆ ਹੈ ਅਤੇ ਭਗਵੰਤ ਮਾਨ ਮੁਆਵਜ਼ੇ ਦੀ ਰਕਮ ਦਾ ਘੱਟੋ-ਘੱਟ 60 ਫ਼ੀਸਦੀ (30,000 ਰੁਪਏ) ਪਹਿਲਾਂ ਹੀ ਮੁਹੱਈਆ ਕਰਵਾਉਣ ਅਤੇ ਬਾਕੀ ਰਾਸ਼ੀ ਸਰਵੇਖਣ ਤੋਂ ਬਾਅਦ ਦਿੱਤੀ ਜਾਵੇ। ਮੀਡੀਆ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਤਾਮਿਲਨਾਡੂ ਦਾ ਆਪਣਾ ਦੌਰਾ ਛੋਟਾ ਕਰ ਕੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਸੂਬੇ ‘ਤੇ ਧਿਆਨ ਕੇਂਦਰਿਤ ਕਰਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੂੰ ਮੁਆਵਜ਼ੇ ਲਈ ਫ਼ੰਡਾਂ ਦੀ ਬੇਨਤੀ ਕਰਨ ਲਈ ਤੁਰੰਤ ਕੇਂਦਰ ਸਰਕਾਰ ਕੋਲ ਪਹੁੰਚ ਕਰਨੀ ਚਾਹੀਦੀ ਹੈ। ਬਾਜਵਾ ਨੇ ਹੜ੍ਹਾਂ ਨਾਲ ਬਹੁਤ ਪ੍ਰੇਸ਼ਾਨ ਲੋਕਾਂ ਖ਼ਾਸ ਕਰ ਕੇ ਔਰਤਾਂ ਅਤੇ ਬੱਚਿਆਂ ਦੀ ਦੁਰਦਸ਼ਾ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਇਹ ਵੀ ਦੱਸਿਆ ਕਿ ਪਸ਼ੂਆਂ ਨੂੰ ਬਹੁਤ ਨੁਕਸਾਨ ਹੋਇਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਅਤੇ ਪਸ਼ੂਆਂ ਦੋਵਾਂ ਲਈ ਮੈਡੀਕਲ ਕੈਂਪ ਲਗਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਕਾਂਗਰਸ ਫਸੇ ਹੋਏ ਨਾਗਰਿਕਾਂ ਨੂੰ ਟਰਾਂਸਪੋਰਟ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਨੂੰ ਬਚਾਉਣ ਲਈ ਕਦਮ ਚੁੱਕੇਗੀ ਅਤੇ ਜਿੱਥੇ ਵੀ ਸਰਕਾਰ ਅਸਫਲ ਰਹੀ ਹੈ, ਉੱਥੇ ਕਾਰਵਾਈ ਕੀਤੀ ਜਾਵੇਗੀ।



