ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ – ਰੰਧਾਵਾ
ਡੇਰਾ ਬਾਬਾ ਨਾਨਕ, ਗੁਰਦਾਸਪੁਰ, 5 ਸਤੰਬਰ (ਸਰਬਜੀਤ ਸਿੰਘ ) – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਆਪਣੇ ਹਲਕੇ ਦੇ ਪਿੰਡ ਸ਼ਕਰੀ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਮੁਲਾਕਾਤ ਕੀਤੀ ਗਈ ਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਹੜ੍ਹ ਪ੍ਰਭਾਵਿਤ ਵਿਅਕਤੀਆਂ ਨੂੰ ਹੌਂਸਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ
ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਕਿਹਾ ਕਿ ਪੰਜਾਬ ਸਰਕਾਰੀ ਦੀ ਸਮੁੱਚੀ ਮਸ਼ੀਨਰੀ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗੀ ਹੋਈ ਹੈ ਅਤੇ ਪ੍ਰਭਾਵਿਤ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਰਾਹਤ ਸਮਗਰੀ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਾਲ ਆਮ ਆਦਮੀ ਪਾਰਟੀ ਦੇ ਸਮੂਹ ਵਲੰਟੀਅਰ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ‘ਚ ਦਿਨ-ਰਾਤ ਲੱਗੇ ਹੋਏ ਹਨ। ਇਸ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਹੜ੍ਹ ਪੀੜਤਾਂ ਦੀ ਸਹਾਇਤਾ ਵਿੱਚ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਲਈ ਉਹ ਉਨ੍ਹਾਂ ਦੇ ਵੀ ਧੰਨਵਾਦੀ ਹਨ।
ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਫੌਗਿੰਗ ਅਰੰਭ ਕੀਤੀ ਗਈ ਹੈ।
—


