ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਰਾਹਤ ਸਮਗਰੀ ਵੰਡਣ ਕੰਮ ਜਾਰੀ

ਗੁਰਦਾਸਪੁਰ


ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਨੂੰ ਸਿਹਤ ਸਮੱਸਿਆਵਾਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ ਕੰਮ

ਮਕੌੜਾ ਪੱਤਣ/ਗੁਰਦਾਸਪੁਰ,  07 ਸਤੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਦੇ ਕਾਰਜ ਲਗਾਤਾਰ ਜਾਰੀ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸ਼ਤੀ ਰਾਹੀਂ ਸਵਾਰ ਹੋ ਕੇ ਰਾਵੀ ਦਰਿਆ ਤੋਂ ਪਾਰ ਦੇ ਪਿੰਡ ਤੂਰ, ਚੇਬੇ, ਝੂਮਰ, ਕੱਜਲਾ, ਭਰਿਆਲ, ਲੁਸਿਆਣ, ਮੰਮੀ ਚੱਕਰੰਜਾ ਤੱਕ ਪਹੁੰਚ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮਾਂ ਵੱਲੋਂ ਅੱਜ ਫਿਰ ਇਨ੍ਹਾਂ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਗਈ ਅਤੇ ਨਾਲ ਹੀ ਮੈਡੀਕਲ ਟੀਮਾਂ ਵੱਲੋਂ ਵੀ ਏਥੇ ਪਹੁੰਚ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦਿੱਤੀਆਂ ਗਈਆਂ।

ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਰਾਵੀ ਤੋਂ ਪਾਰ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਲਈ ਰਾਹਤ ਕਾਰਜ ਲਗਾਤਾਰ ਜਾਰੀ ਹਨ। ਅੱਜ ਇੱਕ ਵਾਰ ਫਿਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਿਸ਼ਤੀ ਰਾਹੀਂ ਰਾਹਤ ਸਮਗਰੀ ਲੈ ਕੇ ਰਾਵੀ ਦਰਿਆ ਤੋਂ ਪਾਰ ਇਨ੍ਹਾਂ ਪਿੰਡਾਂ ਵਿੱਚ ਪਹੁੰਚੀਆਂ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ ਅਤੇ ਘਰੇਲੂ ਜ਼ਰੂਰਤ ਦਾ ਹੋਰ ਸਮਾਨ ਵੰਡਿਆ ਗਿਆ।

ਸਹਾਇਕ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੇ ਕਿਹਾ ਕਿ ਹੜ੍ਹਾਂ ਦਾ ਪਾਣੀ ਘਟਣ ਤੋਂ ਬਾਅਦ ਹੁਣ ਅਗਲੇ ਦਿਨਾਂ ਦੌਰਾਨ ਹੋਰ ਵੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਖੜ੍ਹੇ ਪਾਣੀ ਕਾਰਨ ਕੋਈ ਬਿਮਾਰੀ ਨਾ ਫੈਲੇ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪਸ਼ੂਆਂ ਦੇ ਚਾਰੇ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੱਛਰ-ਮੱਖੀਆਂ ਦੇ ਖ਼ਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਫੌਗਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਤੋਂ ਪਾਰ ਦੇ ਪਿੰਡਾਂ ਵਿੱਚ ਵੀ ਲੋਕਾਂ ਤੱਕ ਹਰ ਰਾਹਤ ਪਹੁੰਚਾਈ ਜਾ ਰਹੀ ਹੈ।

Leave a Reply

Your email address will not be published. Required fields are marked *