ਬਰਨਾਲਾ, ਗੁਰਦਾਸਪੁਰ, 9 ਸਤੰਬਰ ( ਸਰਬਜੀਤ ਸਿੰਘ)– ਪੰਜਾਬ ਸਰਕਾਰ ਨੇ ਹੜਾਂ ਦੀ ਕਰੋਪੀ ਵਿੱਚ ਘਿਰੇ ਮਜ਼ਦੂਰਾਂ ਅਤੇ ਬੇਜ਼ਮੀਨੇ ਗ਼ਰੀਬ ਲੋਕਾਂ ਨੂੰ ਇੱਕ ਵਾਰ ਫਿਰ ਅਣਗੌਲਿਆਂ ਕਰ ਦਿੱਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸੀਪੀਆਈ (ਐਮ ਐਲ) ਰੈੱਡ ਸਟਾਰ ਦੇ ਸੂਬਾ ਸਕੱਤਰ ਕਾਮਰੇਡ ਲਾਭ ਸਿੰਘ ਅਕਲੀਆ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਕਾਮਰੇਡ ਨਛੱਤਰ ਸਿੰਘ ਰਾਮਨਗਰ ਨੇ ਕਿਹਾ ਕਿ ਕਿ ਭਗਵੰਤ ਮਾਨ ਸਰਕਾਰ ਬਣਨ ਤੋਂ ਲੈਕੇ ਹੁਣ ਤੱਕ ਬੇਜ਼ਮੀਨੇ ਗ਼ਰੀਬ ਲੋਕਾਂ ਅਤੇ ਮਜ਼ਦੂਰ ਵਰਗ ਨਾਲ ਮਤਰੇਈ ਮਾਂ ਵਰਗਾ ਸਲੂਕ ਕਰਦੀ ਆ ਰਹੀ ਹੈ। ਭਗਵੰਤ ਮਾਨ ਨੇ ਚੋਣਾਂ ਸਮੇਂ ਗ਼ਰੀਬ ਲੋਕਾਂ ਨਾਲ਼ ਜੋ ਵਾਅਦੇ ਕੀਤੇ ਸਨ,ਸਭ ਝੂਠੇ ਸਾਬਿਤ ਹੋਏ ਹਨ, ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਲਟਾ ਪਿਛਲੇ ਤਿੰਨ ਮਹੀਨਿਆਂ ਤੋਂ ਮਨਰੇਗਾ ਦਾ ਕੰਮ ਵੀ ਬੰਦ ਕਰਕੇ ਰੱਖ ਦਿੱਤਾ ਹੈ। ਆਗੂਆਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਤਾਜ਼ਾ ਹੜਾਂ ਦੀ ਕਰੋਪੀ ਕਾਰਨ ਜਿੱਥੇ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ ਤਬਾਹ ਹੋ ਗਈ ਹੈ, ਓਥੇ ਗ਼ਰੀਬ ਲੋਕਾਂ ਦਾ ਵੀ ਵੱਡੇ ਪੱਧਰ ‘ਤੇ ਜਾਨੀ ਮਾਲੀ ਨੁਕਸਾਨ ਹੋਇਆ ਹੈ। ਜਿਨ੍ਹਾਂ ਪ੍ਰਤੀ ਪੰਜਾਬ ਸਰਕਾਰ ਨੇ ਅੱਖਾਂ ਬੰਦ ਕਰ ਲਈਆਂ ਹਨ। ਉਹਨਾਂ ਦੇ ਕੱਚੇ,ਅਧ ਕੱਚੇ ਘਰ ਹੜਾਂ ਦੀ ਭੇਂਟ ਚੜ੍ਹ ਗਏ ਹਨ। ਘਰਾਂ ਦੀਆਂ ਛੱਤਾਂ ਹੇਠ ਆ ਕੇ ਮਰਨ ਵਾਲਿਆਂ ਦੀ ਜ਼ਿਆਦਾ ਗਿਣਤੀ ਇਹਨਾਂ ਲੋਕਾਂ ਦੀ ਹੀ ਹੈ। ਪਰ ਭਗਵੰਤ ਮਾਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨਾਂ ਮਾਤਰ ਮੁਆਵਜ਼ੇ ਦਾ ਐਲਾਨ ਕਰਕੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਆਗੂਆਂ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ ਪੰਜਾਹ ਹਜ਼ਾਰ ਰੁਪਏ ਮੁਆਵਜ਼ਾ ਦੇਵੇ, ਹੜਾਂ ‘ਚ ਆਪਣੀ ਜਾਨ ਗਵਾਉਣ ਵਾਲੇ ਲੋਕਾਂ ਦੇ ਪ੍ਰੀਵਾਰਾਂ ਨੂੰ ਦਸ ਲੱਖ ਰੁਪਏ ਸਹਾਇਤਾ ਦੇਵੇ, ਘਰਾਂ ਅਤੇ ਡੰਗਰ ਪਸ਼ੂਆਂ ਦੇ ਹੋਏ ਜਾਨੀ ਮਾਲੀ ਨੁਕਸਾਨ ਦਾ ਯੋਗ ਭਰਪਾਈ ਕੀਤੀ ਜਾਵੇ, ਜਿਨ੍ਹਾਂ ਗ਼ਰੀਬ ਲੋਕਾਂ ਦੇ ਕੰਮ ਬੰਦ ਹੋ ਗਏ ਹਨ, ਉਹਨਾਂ ਨੂੰ ਦਸ ਹਜ਼ਾਰ ਰੁਪਏ ਮਹੀਨਾ ਗੁਜ਼ਾਰਾ ਭੱਤਾ ਦਿੱਤਾ ਜਾਵੇ। ਸਰਕਾਰ ਹੜਾਂ ਤੋਂ ਪ੍ਰਭਾਵਿਤ ਖੇਤਰਾਂ ਵਿੱਚ ਦੀਵਾਈਆਂ ਅਤੇ ਡਾਕਟਰੀ ਸਹੂਲਤਾਂ ਦਾ ਉਚੇਚੇ ਤੌਰ ‘ਤੇ ਪ੍ਰਬੰਧ ਕਰੇ। ਘਰੋਂ ਬੇਘਰ ਹੋਏ ਲੋਕਾਂ ਨੂੰ ਰਹਾਇਸ਼ ਅਤੇ ਖਾਣ ਪੀਣ ਦਾ ਪ੍ਰਬੰਧ ਕਰੇ। ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਤੁਰੰਤ ਚਾਲੂ ਕੀਤਾ ਜਾਵੇ। ਗ਼ਰੀਬ ਲੋਕਾਂ ਨੂੰ ਡੀਪੂਆਂ ਤੋਂ ਮਿਲਣ ਵਾਲੀ ਦੋ ਰੁਪਏ ਕਿਲੋ ਵਾਲੀ ਕਣਕ ਪਿਛਲੇ ਬਕਾਏ ਸਮੇਤ ਜਾਰੀ ਕੀਤੀ ਜਾਵੇ।


