ਵਧੀਕ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾਣੇ ਪ੍ਰਬੰਧਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੰਬਾਈਨ ਮਾਲਕਾਂ ਨਾਲ ਕੀਤੀ ਮੀਟਿੰਗ

ਗੁਰਦਾਸਪੁਰ


ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤਕ ਹੀ ਕੀਤੀ ਜਾਵੇ: ਵਧੀਕ ਡਿਪਟੀ ਕਮਿਸ਼ਨਰ

ਗੁਰਦਾਸਪੁਰ, 12 ਸਤੰਬਰ  (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ.ਹਰਜਿੰਦਰ  ਸਿੰਘ ਬੇਦੀ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ, ਕਿਸਾਨ ਜਥੇਬੰਦੀਆਂ ਅਤੇ ਕੰਬਾਈਨ ਮਾਲਕਾਂ ਨਾਲ ਝੋਨੇ ਦੀ ਖ਼ਰੀਦ ਅਤੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ, ਗੁਰਦਾਸਪੁਰ, ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਅਮਰੀਕ ਸਿੰਘ, ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਸਮੂਹ ਸਕੱਤਰ ਮਾਰਕਿਟ ਕਮੇਟੀ , ਕਿਸਾਨ ਆਗੂ ਸੁਖਦੇਵ ਸਿੰਘ ਭੋਜਰਾਜ, ਕੰਵਲਜੀਤ ਸਿੰਘ ਖੁਸ਼ਹਾਲਪੁਰ, ਸੁਖਜਿੰਦਰ ਸਿੰਘ ਕੱਤੋਂਵਾਲ ਸਮੇਤ ਹੋਰ ਕਿਸਾਨ ਆਗੂ ਅਤੇ ਕੰਬਾਈਨ ਮਾਲਿਕ  ਹਾਜ਼ਰ ਸਨ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖ਼ਰੀਫ਼ ਸੀਜ਼ਨ 2025-26 ਦੌਰਾਨ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ । ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਚੰਗੀ ਤਰਾਂ ਪੱਕਣ ਤੇ ਹੀ ਕਟਾਈ ਕੀਤੀ ਜਾਵੇ ਅਤੇ ਸੁੱਕਾ ਝੋਨਾ ਮੰਡੀਆਂ ਵਿਚ ਲਿਆਂਦਾ ਜਾਵੇ। ਉਨ੍ਹਾਂ ਕਿਸਾਨ ਆਗੂਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸਾਲ 2025-26 ਦੌਰਾਨ ਜ਼ਿਲਾ ਗੁਰਦਾਸਪੁਰ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ‘ਤੇ ਲਿਆਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਉਪਲੱਬਧ ਖੇਤੀ ਮਸ਼ੀਨਰੀ ਨੂੰ ਪਿੰਡ ਅਤੇ ਕਿਸਾਨ ਪੱਧਰ ‘ਤੇ ਮੈਪਿੰਗ ਕਰ ਦਿੱਤੀ ਗਈ ਹੈ ਤਾਂ ਜੋਂ ਜਿਸ ਵੀ ਕਿਸਾਨ ਨੂੰ ਕਣਕ ਦੀ ਬਿਜਾਈ ਅਤੇ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਦੀ ਜ਼ਰੂਰਤ ਹੋਵੇ ਉਹ ਸਬੰਧਤ ਮਸ਼ੀਨਰੀ ਦੇ ਮਾਲਿਕ ਕਿਸਾਨ ਦੇ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ 1221 ਪਿੰਡਾਂ ਵਿਚ ਨੋਡਲ ਅਫ਼ਸਰ ਨਿਯੁਕਤ ਕਰ ਦਿੱਤੇ ਗਏ ਹਨ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜੇ ਬਗੈਰ ਖੇਤਾਂ ਵਿਚ ਸੰਭਾਲ ਕੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ 24 *7 ਘੰਟੇ ਕੰਮ ਕਰੇਗਾ। ਉਨ੍ਹਾਂ ਦੱਸਿਆ ਕਿ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ 199 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਇਸ ਵਾਰ ਇਨ੍ਹਾਂ ਨੂੰ ਜ਼ੀਰੋ ਕੀਤਾ ਜਾਵੇਗਾ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ 768865 ਐੱਮ.ਟੀ ਹੋਈ ਸੀ ਅਤੇ ਖ਼ਰੀਫ਼ ਸੀਜ਼ਨ 2025-26 ਦੌਰਾਨ ਵੀ ਲਗਭਗ 768865 ਐੱਮ.ਟੀ ਝੋਨੇ ਦੀ ਖ਼ਰੀਦ ਹੋਣ ਦਾ ਅਨੁਮਾਨ ਹੈ।

Leave a Reply

Your email address will not be published. Required fields are marked *