ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਉਤਸਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਦਾ ਵੱਡਾ ਉਪਰਾਲਾ

ਗੁਰਦਾਸਪੁਰ

ਹਰੇਕ ਬਲਾਕ ਦੇ 10-10 ਕਿਸਾਨਾਂ ਨੂੰ ਕੀਤਾ ਸਨਮਾਨਿਤ, ਸਰਕਾਰੀ ਦਫਤਰਾਂ ਵਿੱਚ ਮਿਲੇਗੀ ਵਿਸ਼ੇਸ਼ ਤਰਜ਼ੀਹ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਜ਼ਿਲ੍ਹਾ ਗੁਰਦਾਸਪੁਰ ਅੰਦਰ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਸ਼ੁਰੂ ਕੀਤੀ ਮੁਹਿਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ। ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਨਾਲ ਸੰਬੰਧਿਤ 10-10 ਅਜਿਹੇ ਅਗਾਂਹਵਧੂ ਕਿਸਾਨਾਂ ਨੂੰ ਇੱਕ ਵਿਸ਼ੇਸ਼ ਸਮਾਗਮ ਕਰਕੇ ਸਨਮਾਨਿਤ ਕੀਤਾ ਗਿਆ, ਜਿਨਾਂ ਨੇ ਪਿਛਲੇ ਲੰਬੇ ਸਮੇਂ ਤੋਂ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾਈ। ਇਸ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਮੁੱਖ ਮਹਿਮਾਨ ਵਜੋਂ ਪਹੁੰਚੇ ਜਦੋਂ ਕਿ ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਸੁਖਬੀਰ ਸਿੰਘ ਸੰਧੂ, ਡਾਕਟਰ ਮਨਪ੍ਰੀਤ ਸਿੰਘ, ਡਾਕਟਰ ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾਕਟਰ ਪ੍ਰਭਜੋਤ ਸਿੰਘ ਡਿਪਟੀ ਪੀ.ਡੀ, ਇੰਜੀਨੀਅਰ ਬਲਦੇਵ ਸਿੰਘ, ਵਾਤਾਵਰਨ ਪ੍ਰੇਮੀ ਕਿਸਾਨ ਗੁਰਬਿੰਦਰ ਸਿੰਘ ਬਾਜਵਾ, ਪਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

ਵਾਤਾਵਰਨ ਪ੍ਰੇਮੀ ਅਤੇ ਖੇਤਾਂ ਵਿੱਚ ਅੱਗ ਨਾ ਲਗਾਉਣ ਵਾਲੇ ਅਗਾਹਵਧੂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਹਰਜਿੰਦਰ ਸਿੰਘ ਬੇਦੀ ਏਡੀਸੀ ਜਰਨਲ ਨੇ ਕਿਹਾ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਲਗਾਈ ਜਾਂਦੀ ਅੱਗ ਨਾਲ ਬਹੁਤ ਸਾਰੇ ਭਿਆਨਕ ਸਿੱਟੇ ਨਿਕਲਦੇ ਹਨ। ਉਹਨਾਂ ਕਿਹਾ ਕਿ ਇਸ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੁੰਦਾ ਹੈ ਉੱਥੇ ਖੇਤਾਂ ਦੀ ਮਿੱਟੀ ਅਤੇ ਪੀਣ ਵਾਲਾ ਪਾਣੀ ਵੀ ਦੂਸ਼ਿਤ ਹੋ ਜਾਂਦਾ ਹੈ, ਜੋ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਕਾਰਨ ਬਣਦਾ ਹੈ। ਉਹਨਾਂ ਕਿਹਾ ਕਿ ਫਸਲਾਂ ਦੀ ਪੈਦਾਵਾਰ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘੱਟ ਹੋਣ ਕਾਰਨ ਖੇਤਾਂ ਵਿੱਚ ਖਾਦਾਂ ਦੀ ਵਰਤੋਂ ਵੀ ਜਿਆਦਾ ਕਰਨੀ ਪੈਂਦੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਖੇਤਾਂ ਵਿੱਚ ਅੱਗ ਲਗਾਉਣ ਦੀ ਬਜਾਏ ਰਹਿੰਦ ਖੂਹੰਦ ਨੂੰ ਖੇਤਾਂ ਵਿੱਚ ਹੀ ਨਿਪਟਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਜਿਹੜੇ ਕਿਸਾਨ ਆਪਣੀ ਜਿੰਮੇਵਾਰੀ ਨੂੰ ਸਮਝਦੇ ਹੋਏ ਖੇਤਾਂ ਵਿੱਚ ਰਹਿੰਦ ਖੂਹੰਦ ਨੂੰ ਅੱਗ ਨਹੀਂ ਲਗਾਉਂਦੇ ਉਹਨਾਂ ਨੂੰ ਅੱਜ ਮਾਰਗ ਦਸੇਰਾ ਸਮਝ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ।

ਉਹਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੀ ਮਸ਼ੀਨਰੀ ਵੀ ਸਬਸਿਡੀ ’ਤੇ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨ ਆਸਾਨੀ ਦੇ ਨਾਲ ਇਸ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ਵਿੱਚ ਰਹਿੰਦ-ਖੂੰਹਦ ਦਾ ਨਿਪਟਾਰਾ ਆਸਾਨੀ ਨਾਲ ਕਰ ਸਕਣ। ਉਹਨਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸੂਰਤ ਵਿੱਚ ਅੱਗ ਨਾ ਲਗਾਉਣ। ਉਹਨਾਂ ਕਿਹਾ ਕਿ ਅੱਜ ਜਿਹੜੇ ਕਿਸਾਨਾਂ ਨੂੰ ਸਨਮਾਨਿਤ ਕਰਕੇ ਵਿਸ਼ੇਸ਼ ਸਨਮਾਨ ਪੱਤਰ ਦਿੱਤੇ ਗਏ ਹਨ, ਉਹਨਾਂ ਦਾ ਵੱਖ ਵੱਖ ਸਰਕਾਰੀ ਦਫਤਰਾਂ ਵਿੱਚ ਪੂਰਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਹਨਾਂ ਦੇ ਸਰਕਾਰੀ ਕੰਮ ਵੀ ਪਹਿਲ ਦੇ ਆਧਾਰ ’ਤੇ ਕੀਤੇ ਜਾਣਗੇ।

ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ ਅਮਰੀਕ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਰਹਿੰਦ-ਖੂੰਹਦ ਦੇ ਨਿਪਟਾਰੇ ਦੀਆਂ ਵੱਖ-ਵੱਖ ਤਕਨੀਕਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਹੁਣ ਵੀ ਝੋਨੇ ਦੀ ਕਟਾਈ ਹੋਣ ਤੋਂ ਕਰੀਬ ਡੇਢ ਮਹੀਨਾ ਪਹਿਲਾਂ ਹੀ ਪਿੰਡਾਂ ਵਿੱਚ ਕੈਂਪ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ, ਤਾਂ ਜੋ ਰਹਿਦ ਖੂਹੰਦ ਨੂੰ ਅੱਗ ਲਗਾਏ ਬਗੈਰ ਨਿਪਟਾਉਣ ਲਈ ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾ ਸਕੇ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਸਬਸਿਡੀ `ਤੇ ਮਸ਼ੀਨਰੀ ਵੀ ਉਪਲਬਧ ਕਰਵਾਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਕਿਸਾਨ ਨੂੰ ਆਪਣੇ ਖੇਤਾਂ ਵਿੱਚ ਰਹਿਣ ਦਾ ਨਿਪਟਾਰਾ ਕਰਨ ਮੌਕੇ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਸਨਮਾਨ ਸਮਾਗਮ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਾਤਾਵਰਣ ਪ੍ਰੇਮੀ ਅਗਾਂਹਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਦੀ ਸੰਭਾਲ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਨਾਲ ਹੀ ਖੇਤੀਬਾੜੀ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਸਟੇਜ ਸਕੱਤਰ ਦੇ ਫਰਜ਼ ਖੇਤੀਬਾੜੀ ਅਧਿਕਾਰੀ ਸ਼ਾਹਬਾਜ ਸਿੰਘ ਚੀਮਾ ਨੇ ਨਿਭਾਏ।

Leave a Reply

Your email address will not be published. Required fields are marked *