ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ

ਗੁਰਦਾਸਪੁਰ


ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਬੀਤੀ ਸ਼ਾਮ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।

ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਵੱਲੋਂ ਅੱਜ ਸਵੇਰੇ ਗੁਰਦਾਸਪੁਰ ਵਿਖੇ ਗੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਹੜ੍ਹਾਂ ਸਬੰਧੀ ਚਲਾਏ ਜਾ ਰਹੇ ਰਾਹਤ ਕਾਰਜਾਂ ਬਾਰੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੇਂਦਰੀ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਤਕਨੀਕੀ ਸਪੋਰਟ ਵੀ ਰਾਜ ਸਰਕਾਰ ਨੂੰ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ  ਜਸਪਿੰਦਰ ਸਿੰਘ ਭੁੱਲਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ, ਰਵੀ ਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *