ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ

ਗੁਰਦਾਸਪੁਰ


ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ) – ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਵੱਲੋਂ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਡੇਰਾ ਬਾਬਾ ਨਾਨਕ, ਪਿੰਡ ਰੱਤਾ, ਰੱਤੜ-ਛੱਤੜ, ਘਣੀਏ-ਕੇ-ਬੇਟ, ਧਰਮਕੋਟ ਰੰਧਾਵਾ, ਧਰਮਕੋਟ ਪੱਤਣ, ਗੁਰਚੱਕ, ਡਾਲਾ, ਗੋਲਾ-ਢੋਲਾ ਤੇ ਗੁਰਚੱਕ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੇਂਦਰੀ ਰਾਜ ਮੰਤਰੀ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਚਲਾਏ ਜਾ ਰਹੇ ਰਾਹਤ ਤੇ ਪੁਨਰਵਾਸ ਕਾਰਜਾਂ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੇਂਦਰੀ ਰਾਜ ਮੰਤਰੀ ਜਾਰਜ ਕੁਰੀਆਂ ਨੇ ਕਿਹਾ ਕਿ ਹੜ੍ਹ ਕਾਰਨ ਸਰਹੱਦ ਨਾਲ ਲੱਗਦੇ ਖੇਤਰ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਕੇਂਦਰ ਸਰਕਾਰ ਪੰਜਾਬ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੇਤੀਬਾੜੀ ਤੋਂ ਇਲਾਵਾ ਪ੍ਰਧਾਨ ਮੰਤਰੀ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ 1600 ਕਰੋੜ ਦਾ ਵਿਸ਼ੇਸ਼ ਵਿੱਤੀ ਪੈਕੇਜ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨਾਲ ਮਿਲ ਕੇ ਯਤਨ ਕੀਤੇ ਜਾਣਗੇ ਕਿ ਭਵਿੱਖ ਵਿੱਚ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ  ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਡਾ. ਆਦਿੱਤਯ ਸ਼ਰਮਾ, ਡੀ.ਆਰ.ਓ ਜਸਕਰਨਜੀਤ ਸਿੰਘ, ਤਹਿਸੀਲਦਾਰ ਲਛਮਣ ਸਿੰਘ ਰੰਧਾਵਾ, ਬੀ.ਡੀ.ਪੀ.ਓ. ਅਮਨਦੀਪ ਕੌਰ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਡਾ. ਗੁਰਦੇਵ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਭਾਜਪਾ ਆਗੂ ਬਘੇਲ ਸਿੰਘ, ਰਵੀ ਕਰਨ ਸਿੰਘ ਕਾਹਲੋਂ ਵੀ ਹਾਜ਼ਰ ਸਨ।

Leave a Reply

Your email address will not be published. Required fields are marked *