ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਉਤੇ ਰੋਕ ਲਾਉਣ ਦੀ ਲਿਬਰੇਸ਼ਨ ਵਲੋਂ ਨਿਖੇਧੀ

ਮਾਲਵਾ

ਮਾਨਸਾ,  ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–  ਸੀਪੀਆਈ ਐਮ ਐਲ ਲਿਬਰੇਸ਼ਨ ਨੇ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਜਾਣ ਦੀ ਇਜਾਜ਼ਤ ਨਾ ਦੇਣ ਬਦਲੇ ਮੋਦੀ ਸਰਕਾਰ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਰੋਕ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਾਰ ਦਿੱਤਾ ਹੈ।

ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਅਤੇ ਸੂਬਾਈ ਬੁਲਾਰੇ ਸੁਖਦਰਸ਼ਨ ਸਿੰਘ ਨੱਤ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਜਥੇ ਵੱਖ ਵੱਖ ਧਾਰਮਿਕ ਮੌਕਿਆਂ ‘ਤੇ ਦਹਾਕਿਆਂ ਤੋਂ ਪਾਕਿਸਤਾਨ ਜਾਂਦੇ ਆ ਰਹੇ ਹਨ, ਪਰ ਅੱਜ ਤੱਕ ਉਥੇ ਉਨ੍ਹਾਂ ਨੂੰ ਕੋਈ ਖਤਰਾ ਹੋਣਾ ਤਾਂ ਦੂਰ ਰਿਹਾ, ਉਲਟਾ ਪਾਕ ਸਰਕਾਰ ਤੇ ਜਨਤਾ ਵਲੋਂ ਉਨ੍ਹਾਂ ਨੂੰ ਵੱਡਾ ਮਾਣ ਸਤਿਕਾਰ ਦਿੱਤਾ ਜਾਂਦਾ ਹੈ। ਇਸ ਲਈ ਕੇਂਦਰੀ ਖੇਡ ਰਾਜ ਮੰਤਰੀ ਨਿਖਿਲ ਖੜਸੇ ਦਾ ਇਹ ਬਿਆਨ ਕਿ ਜਥੇ ਨੂੰ ਇਸ ਕਰਕੇ ਰੋਕਿਆ ਗਿਆ ਹੈ ਕਿ ਮੋਦੀ ਸਰਕਾਰ ਸਿੱਖ ਭਰਾਵਾਂ ਨੂੰ ਪਾਕਿਸਤਾਨ ਭੇਜ ਕੇ ਉਨ੍ਹਾਂ ਨੂੰ ਖ਼ਤਰੇ ਵਿੱਚ ਨਹੀਂ ਪਾਉਣਾ ਚਾਹੁੰਦੀ, ਸਿਰੇ ਦੇ ਝੂਠ ਤੋਂ ਬਿਨਾਂ ਹੋਰ ਕੁਝ ਨਹੀਂ। ਸਿੱਖਾਂ ਤੋਂ ਇਲਾਵਾ ਹਿੰਦੂ ਤੀਰਥ ਯਾਤਰੀਆਂ ਦੇ ਜੱਥੇ ਵੀ ਕਟਾਸ ਰਾਜ ਦੇ ਪੁਰਾਤਨ ਮੰਦਰ ਦੀ ਯਾਤਰਾ ਲਈ ਜਾਂਦੇ ਰਹੇ ਹਨ, ਪਰ ਉਨ੍ਹਾਂ ਨਾਲ ਉਧਰ ਕਦੇ ਵੀ ਕਿਸੇ ਬਦਸਲੂਕੀ ਦੀ ਸ਼ਿਕਾਇਤ ਸਾਹਮਣੇ ਨਹੀਂ ਆਈ। ਬਿਆਨ ਵਿੱਚ ਮੰਗ ਕੀਤੀ ਗਈ ਹੈ ਕਿ ਨਾ ਸਿਰਫ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਇਜਾਜ਼ਤ ਦਿੱਤੀ ਜਾਵੇ, ਸਗੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਵੀ ਸਿੱਖ ਸੰਗਤਾਂ ਨੂੰ ਬੇਰੋਕ ਜਾਣ ਦੀ ਇਜਾਜ਼ਤ ਦਿੱਤੀ ਜਾਵੇ।

ਲਿਬਰੇਸ਼ਨ ਆਗੂਆਂ ਦਾ ਕਹਿਣਾ ਹੈ ਕਿ ਅਸਲ ਵਿੱਚ ਬੀਜੇਪੀ ਤੇ ਮੋਦੀ ਸਰਕਾਰ ਦੋਵਾਂ ਦੇਸ਼ਾਂ ਦੀ ਜਨਤਾ ਦਰਮਿਆਨ ਵੱਧਦੇ ਰਾਬਤੇ ਤੋਂ ਪ੍ਰੇਸ਼ਾਨ ਹੈ ਕਿਉਂਕਿ ਇਹ ਨੇੜਤਾ ਉਸ ਦੀ ਸਰਹੱਦ ਉੱਤੇ ਤਣਾਅ ਬਣਾਈ ਰੱਖਣ ਦੀ ਫਿਰਕੂ ਨਫ਼ਰਤ ਅਤੇ ਟਕਰਾਅ ਦੀ ਸਿਆਸਤ ਨੂੰ ਠੁਸ ਕਰ ਰਹੀ ਹੈ।

Leave a Reply

Your email address will not be published. Required fields are marked *