‘ਜਿਸ ਦਾ ਖੇਤ, ਉਸ ਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

ਗੁਰਦਾਸਪੁਰ

-ਕਿਸਾਨਾਂ ਨੂੰ 31 ਦਸੰਬਰ 2025 ਤੱਕ ਬਿਨਾਂ ਕਿਸੇ ਪਰਮਿਟ/ਐਨ.ਓ.ਸੀ ਤੋਂ ਮਿਲੇਗੀ ਛੋਟ

-ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਪ੍ਰਕਿਰਿਆ ਖਣਨ ਨਹੀਂ ਮੰਨੀ ਜਾਵੇਗੀ

ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ) – ਹਾਲ ਹੀ ਵਿਚ ਆਏ ਹੜ੍ਹਾਂ ਕਾਰਨ ਜ਼ਿਲ੍ਹਾ ਗੁਰਦਾਸਪੁਰ ਦੇ ਬਹੁਤ ਸਾਰੇ ਕਿਸਾਨਾਂ ਦੀ ਖੇਤੀਬਾੜੀ ਜ਼ਮੀਨ ‘ਤੇ ਸਿਲਟ, ਰੇਤ ਅਤੇ ਹੋਰ ਦਰਿਆਈ ਪਦਾਰਥ ਜਮ੍ਹਾ ਹੋ ਗਏ ਹਨ, ਜਿਸ ਕਾਰਨ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ। ਇਸ ‘ਤੇ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹਿਤ ਵਿਚ ‘ਜਿਸ ਦਾ ਖੇਤ, ਉਸ ਦੀ ਰੇਤ’ ਨਾਮਕ ਇਕ ਵਿਸ਼ੇਸ਼ ਸਮਾਂਬੱਧ ਯੋਜਨਾ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿਚੋਂ ਰੇਤ, ਸਿਲਟ ਜਾਂ ਹੋਰ ਦਰਿਆਈ ਸਮਗਰੀ ਹਟਾਉਣ ਦੀ ਆਗਿਆ ਦਿੱਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਜਿਸ ਦਾ ਖੇਤ, ਉਸ ਦੀ ਰੇਤ’ ਦੀ ਇਹ ਸਹੂਲਤ 31 ਦਸੰਬਰ 2025 ਤੱਕ ਇਕ ਵਾਰ ਲਈ ਉਪਲਬਧ ਹੋਵੇਗੀ ਅਤੇ ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਪਰਮਿਟ ਜਾਂ ਵਿਭਾਗੀ ਇਜਾਜ਼ਤ (ਐਨ.ਓ.ਸੀ) ਲੈਣ ਦੀ ਲੋੜ ਨਹੀਂ ਹੋਵੇਗੀ।  ਉਨ੍ਹਾਂ ਕਿਹਾ ਕਿ ਇਹ ਵਿਵਸਥਾ ਪੰਜਾਬ ਮਾਈਨਰ ਮਿਨਰਲ ਰੂਲਜ਼, 2013 ਦੇ ਨਿਯਮ 90 ਅਧੀਨ ਲਾਗੂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਯੋਜਨਾ ਬਾਰੇ ਜਾਣਕਾਰੀ ਸਾਰੇ ਕਿਸਾਨਾਂ ਅਤੇ ਜ਼ਮੀਨ ਮਾਲਕਾਂ ਤੱਕ ਵਿਆਪਕ ਪੱਧਰ ‘ਤੇ ਪਹੁੰਚਾਈ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਖੇਤਾਂ ਵਿਚੋਂ ਰੇਤ ਜਾਂ ਗਾਰ ਕੱਢਣ ਦੀ ਇਸ ਗਤੀਵਿਧੀ ਨੂੰ ‘ਮਾਈਨਿੰਗ’ ਨਹੀਂ ਮੰਨਿਆ ਜਾਵੇਗਾ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਅਗਲੀ ਬਿਜਾਈ ਲਈ ਜ਼ਮੀਨ ਤਿਆਰ ਕਰਨ ਵਿਚ ਮਦਦ ਕਰੇਗਾ ਅਤੇ ਉਨ੍ਹਾਂ ਦੀ ਵਿੱਤੀ ਸਥਿਤੀ ਨੂੰ ਸੰਭਾਲਣ ਵਿਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਇਸ ਸਬੰਧ ਵਿਚ ਪਾਰਦਰਸ਼ਤਾ, ਜਲਦੀ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।

Leave a Reply

Your email address will not be published. Required fields are marked *